ਚੰਡੀਗੜ੍ਹ, 9 ਮਈ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਮੁਲਾਕਾਤ ਤੋਂ ਪਹਿਲਾਂ ਸਿੱਧੂ ਨੇ ਆਪਣੇ ਧੜੇ ਦੇ ਆਗੂਆਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੀ ਜਾਣਕਾਰੀ ਨਵਜੋਤ ਸਿੱਧੂ ਨੇ ਖੁਦ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਇਥੇ ਹੀ ਬਸ ਨਹੀਂ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੇ ਖਾਸਮ-ਖਾਸ ਅਸ਼ਵਨੀ ਸੇਖੜੀ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਭੱਖਦੇ ਮਸਲਿਆਂ ’ਤੇ ਨਵਜੋਤ ਸਿੱਧੂ ਵਲੋਂ ਗਵਰਨਰ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਗਵਰਨਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਸੀ ਅਤੇ ਇਸੇ ਲਈ ਹੀ ਸਰਕਾਰ ਨੇ ਖੁਦ ਨਵਜੋਤ ਸਿੱਧੂ ਨੂੰ ਮੁਲਾਕਾਤ ਲਈ ਬੁਲਾਇਆ ਗਿਆ ਹੈ। ਇਸ ਮੁਲਾਕਾਤ ਵਿਚ ਪੰਜਾਬ ਦੇ ਕਈ ਮਸਲੇ ਵਿਚਾਰੇ ਜਾਣਗੇ।
ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਹ ਮੁਲਾਕਾਤ ਸੋਮਵਾਰ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਸਿੱਧੂ ਨੇ ਕਿਹਾ ਸੀ ਕਿ ਇਸ ਮੁਲਾਕਾਤ ਵਿਚ ਪੰਜਾਬ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਆਦਿ ਦੇ ਮੁੱਦਿਆਂ ’ਤੇ ਵਿਚਾਰ ਵਟਾਂਦਾਰ ਕੀਤਾ ਜਾਵੇਗਾ। ਪੰਜਾਬ ਦਾ ਭਲਾ ਸਮੂਹਿਕ ਇਮਾਨਦਾਰ ਯਤਨਾ ਸਦਕਾ ਹੀ ਸੰਭਵ ਹੈ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਸੱਤਾ ਪਰਿਵਰਤਨ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਿੱਧੂ ਦੀ ਉਨ੍ਹਾਂ ਨਾਲ ਇਹ ਪਹਿਲੀ ਮੁਲਾਕਾਤ ਹੈ। ਇਹ ਮੁਲਾਕਾਤ ਉਸ ਸਮੇਂ ਹੋਣ ਜਾ ਰਹੀ ਹੈ, ਜਦੋਂ ਸਿੱਧੂ ’ਤੇ ਕਾਂਗਰਸ ਵਲੋਂ ਅਨੁਸ਼ਾਸਨੀ ਕਾਰਵਾਈ ਕਰਨ ਦੀ ਤਲਵਾਰ ਲਟਕ ਰਹੀ ਹੈ।