ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਨਿਯੁਕਤੀ ਪੱਤਰ ਦਿੱਤੇ ਗਏ। ਮੁੱਖ ਮੰਤਰੀ ਨੇ ਕਈ ਵਿਭਾਗਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਨੌਜਵਾਨਾਂ ਦੀ ਨਿਯੁਕਤੀ ਕਰਦੇ ਹੋਏ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਸਿਹਤ, ਮੈਡੀਕਲ ਸਿੱਖਿਆ ਤੇ ਸਿੰਚਾਈ ਵਿਭਾਗ ਦੀਆਂ ਅਸਾਮੀਆਂ ਲਈ ਨਿਯੁਕਤੀ ਪੱਤਰ ਵੰਡੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਵੀ ਨਿਯੁਕਤੀ ਪੱਤਰ ਵੰਡ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ’ਚ ਬੇਰੁਜ਼ਗਾਰੀ ਸਭ ਤੋਂ ਵੱਡੀ ਸਮੱਸਿਆ ਹੈ, ਜਿਸ ਨੂੰ ਬਹੁਤ ਜਲਦੀ ਘੱਟ ਕਰ ਦਿੱਤਾ ਜਾਵੇਗਾ। ਅੱਜ ਦੇ ਸਮੇਂ ’ਚ ਜੇਕਰ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਨਹੀਂ ਮਿਲੇਗਾ ਤਾਂ ਉਹ ਡਿਪ੍ਰੈਸ਼ਨ ’ਚ ਜਾ ਸਕਦੇ ਹਨ, ਜਿਸ ਨਾਲ ਉਹ ਗੰਭੀਰ ਬੀਮਾਰੀ ਦਾ ਸ਼ਿਕਾਰ ਹੋ ਸਕਦੇ ਹਨ। ਵਿਹਲੇ ਬੈਠਣ ਨਾਲ ਨੌਜਵਾਨ ਪੀੜ੍ਹੀ ਦਾ ਧਿਆਨ ਮਾੜੇ ਕੰਮਾਂ ਵੱਲ ਜਾਂਦਾ ਹੈ।
ਪਿਛਲੇ ਸਮੇਂ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪਿਛਲੀਆਂ ਸਰਕਾਰਾਂ ਦੀ ਨੀਅਤ ਸਹੀ ਨਹੀਂ ਸੀ। ਇਸੇ ਕਰਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਨਹੀਂ ਦਿੱਤੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਜੋ ਅੱਜ ਮੁੱਖ ਮੰਤਰੀ ਮਾਨ ਨੇ ਪੂਰਾ ਕਰ ਦਿੱਤਾ ਹੈ।