ਚੰਡੀਗੜ੍ਹ/ਜਲੰਧਰ, 13 ਮਈ – ਗਾਣਿਆਂ ਰਾਹੀਂ ਪੰਜਾਬ ’ਚ ਗੰਨ ਕਲਚਰ ਤੇ ਗੈਂਗਸਟਰਵਾਦ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਦੀ ਹੁਣ ਖੈਰ ਨਹੀਂ ਕਿਉਂਕਿ ਸੀ. ਐੱਮ. ਭਗਵੰਤ ਮਾਨ ਨੇ ਇਸ ’ਤੇ ਸਖ਼ਤ ਕਾਰਵਾਈ ਦਾ ਐਲਾਨ ਕਰ ਦਿੱਤਾ ਹੈ। ਬੀਤੇ ਦਿਨੀਂ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਮੂਹ ਐੱਸ. ਐੱਸ. ਪੀਜ਼/ਪੁਲਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਭਗਵੰਤ ਮਾਨ ਨੇ ਭੜਕਾਊ ਗਾਇਕੀ ਕਰਨ ਵਾਲੇ ਗਾਇਕਾਂ ’ਤੇ ਵੀ ਨਿਸ਼ਾਨਾ ਵਿੰਨ੍ਹਿਆ।
ਸਮਾਜ-ਵਿਰੋਧੀ ਗਤੀਵਿਧੀਆਂ ਨੂੰ ਤੂਲ ਨਾ ਦੇਣ ਗਾਇਕ
ਪੰਜਾਬੀ ਗਾਇਕਾਂ ਵਲੋਂ ਫੈਲਾਏ ਜਾ ਰਹੇ ਗੰਨ ਕਲਚਰ ਤੇ ਗੈਂਗਸਟਰਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ’ਚ ਹਿੰਸਾ, ਨਫ਼ਰਤ ਤੇ ਦੁਸ਼ਮਣੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ-ਵਿਰੋਧੀ ਗਤੀਵਿਧੀਆਂ ਨੂੰ ਤੂਲ ਦੇਣ ਦੀ ਬਜਾਏ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ’ਤੇ ਚੱਲਦਿਆਂ ਭਾਈਚਾਰਕ ਸਾਂਝ, ਸ਼ਾਂਤੀ ਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ।