ਚੰਡੀਗੜ੍ਹ, 18 ਮਈ– ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਦੇ ਸਾਹਮਣੇ ਸਖ਼ਤ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲਾਂ ਦੀ ਮੰਗ ਦਾ ਸਵਾਗਤ ਕੀਤਾ ਹੈ ਪਰ ਉਨ੍ਹਾਂ ਨੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਯਾਦ ਦਿਵਾਇਆ ਕਿ ਜਦੋਂ ਕੇਂਦਰ ਸਰਕਾਰ ਨੇ ਬੀਤੇ ਸਾਲ ਸੀਮਾ ਸੁਰੱਖਿਆ ਬਲਾਂ ਦੇ ਕਾਰਜ ਖੇਤਰ ਨੂੰ 15 ਤੋਂ 50 ਕਿਲੋਮੀਟਰ ਤੱਕ ਵਧਾਉਣ ਦਾ ਫੈਸਲਾ ਕੀਤਾ ਸੀ ਤਾਂ ਕਿਵੇਂ ਆਮ ਆਦਮੀ ਪਾਰਟੀ ਨੇ ਉਸ ਫੈਸਲੇ ਦਾ ਤਿੱਖਾ ਵਿਰੋਧ ਕੀਤਾ ਸੀ।
ਮਰਿੰਦਰ ਨੇ ਇੱਥੇ ਜਾਰੀ ਬਿਆਨ ’ਚ ਕਿਹਾ ਕਿ ਉਸ ਸਮੇਂ ਆਪ ਅਤੇ ਕਾਂਗਰਸ ਦੇ ਨੇਤਾ ਕੇਂਦਰ ਦੇ ਫੈਸਲੇ ਦਾ ਸਖ਼ਤ ਵਿਰੋਧ ਕਰ ਰਹੇ ਸਨ ਪਰ ਇਹ ਚੰਗਾ ਹੈ ਕਿ ਆਪ ਹੁਣ ਘੱਟ ਤੋਂ ਘੱਟ ਉਸ ਫੈਸਲੇ ਦੀ ਲੋੜ ਅਤੇ ਮਹੱਤਵ ਨੂੰ ਸਮਝਦੀ ਹੈ। ਉਨ੍ਹਾਂ ਆਪਣੀ ਚੇਤਾਵਨੀ ਦੁਹਰਾਈ ਕਿ ਪੰਜਾਬ ਸੀਮਾ ਪਾਰ ਤੋਂ ਗੰਭੀਰ ਸੁਰੱਖਿਆ ਖਤਰਿਆਂ ਦਾ ਸਾਹਮਣਾ ਕਰ ਰਿਹਾ ਹੈ।