ਜਲੰਧਰ, 21 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ’ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਉਹ ਨਾ ਤਾਂ ਸੂਬੇ ’ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ’ਚ ਕਾਮਯਾਬ ਹੋ ਸਕੀਆਂ ਅਤੇ ਨਾ ਹੀ ਸਿੱਖਿਆ ਅਤੇ ਖੇਤੀਬਾੜੀ ਖੇਤਰ ’ਚ ਆਪਣੀ ਕਾਰਗੁਜ਼ਾਰੀ ਦਿਖਾ ਸਕੀਆਂ। ਉਨ੍ਹਾਂ ਸ਼ਨੀਵਾਰ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਸਿਖਰਾਂ ’ਤੇ ਸੀ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਅਾ। ਉਨ੍ਹਾਂ ‘ਆਪ’ ਸਰਕਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਬਣਨ ਦੇ ਕੁਝ ਦਿਨਾਂ ਅੰਦਰ ਹੀ ਸਰਕਾਰੀ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕੇ ਗਏ ਹਨ।
ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਮਾਜ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ, ਇਸ ਲਈ ਇਸ ਨੂੰ ਖ਼ਤਮ ਕਰਨ ਲਈ ਸਮਾਜ ਦਾ ਸਹਿਯੋਗ ਜ਼ਰੂਰੀ ਹੈ। ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿਚ ਕੋਈ ਕਦਮ ਨਹੀਂ ਚੁੱਕਿਆ। ਹੁਣ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸਿੱਖਿਆ ਖੇਤਰ ਵਿਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਪਿਛਲੀ ਸਰਕਾਰ ਵੇਲੇ ਵੀ ਕਿਸਾਨਾਂ ਦੀ ਹਾਲਤ ਤਰਸਯੋਗ ਸੀ। ਹੁਣ ਮੌਜੂਦਾ ਸਰਕਾਰ ਨੇ ਖੇਤੀ ਵਿਭਿੰਨਤਾ ਲਈ ਕਦਮ ਚੁੱਕੇ ਹਨ ਅਤੇ ਝੋਨੇ ਦੀ ਸਿੱਧੀ ਬਿਜਾਈ ਦੇ ਨਾਲ-ਨਾਲ ਦਾਲਾਂ ਦੇ ਉਤਪਾਦਨ ਨੂੰ ਵੀ ਮਹੱਤਵ ਦਿੱਤਾ ਜਾ ਰਿਹਾ ਹੈ। ਦਾਲਾਂ ਦੀ ਪੈਦਾਵਾਰ ਵਧਣ ਨਾਲ ਖੇਤੀ ਵਿਭਿੰਨਤਾ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।