ਚੰਡੀਗੜ੍ਹ, 26 ਮਈ- ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਪਾਰਟੀ ‘ਚ ਰੱਖਣ ਜਾਂ ਹਟਾਉਣ ਦਾ ਫ਼ੈਸਲਾ ਜਲਦ ਲਿਆ ਜਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਿਜੇ ਸਿੰਗਲਾ ਨੂੰ ਪਾਰਟੀ ‘ਚ ਰੱਖਣ ਜਾਂ ਹਟਾਉਣ ਦਾ ਫ਼ੈਸਲਾ ਜਲਦ ਲੈ ਸਕਦੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸਿਹਤ ਮੰਤਰੀ ਰਹੇ ਵਿਜੇ ਸਿੰਗਲਾ ਨੂੰ ਕੈਬਨਿਟ ‘ਚੋਂ ਬਰਖ਼ਾਸਤ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ‘ਤੇ ਦੋਸ਼ ਸੀ ਕਿ ਉਹ ਸਿਹਤ ਵਿਭਾਗ ‘ਚ ਹਰ ਕੰਮ ਅਤੇ ਟੈਂਡਰ ਦੇ ਬਦਲੇ ਇਕ ਫ਼ੀਸਦ ਕਮਿਸ਼ਨ ਦੀ ਮੰਗ ਕਰਦੇ ਸਨ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਸੱਚੇ ਦਿਲੋਂ ਇਮਾਨਦਾਰ ਪਾਰਟੀ ਹੈ ਅਤੇ ਅਸੀਂ ਇਕ ਰੁਪਏ ਦੀ ਵੀ ਹੇਰਾਫੇਰੀ ਬਰਦਾਸ਼ਤ ਨਹੀਂ ਕਰਾਂਗੇ। ਇਸ ਮੌਕੇ ਮਾਲਵਿੰਦਰ ਸਿੰਘ ਕੰਗ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਨਿਸ਼ਾਨਾ ਵਿੰਨ੍ਹਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਕੋਲ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਕੋਈ ਸਬੂਤ ਹੈ ਤਾਂ ਉਹ ਉਨ੍ਹਾਂ ਨੂੰ ਦਿੰਦੇ ਕਿਉਂ ਨਹੀਂ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਦਸਤਾਵੇਜ਼ ਸਾਹਮਣੇ ਲੈ ਕੇ ਆਓ, ਤਾਂ ਜੋ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।