ਬਠਿੰਡਾ, 27 ਮਈ- ਪੰਜਾਬ ਦਾ ਮੰਤਰੀ ਮੰਡਲ ਹਰ ਦਿਨ ਐਕਸ਼ਨ ‘ਚ ਨਜ਼ਰ ਆ ਰਿਹਾ ਹੈ। ਹੁਣ ਵੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਦੇ ਆਰ.ਟੀ.ਏ. ਅਫ਼ਸਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪਿਛਲੀ ਸਰਕਾਰ ਦੇ ਕਾਰਜਕਾਲ ‘ਚ ਵੱਧ ਪਰਮਿਟ ਜਾਰੀ ਕਰਨ ਦੇ ਮਾਮਲੇ ‘ਚ ਆਰ.ਟੀ.ਏ ਅਫ਼ਸਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਸਮੇਂ ਤੋਂ ਹੀ ਬੱਸ ਪਰਮਿਟ ਦਾ ਮੁੱਦਾ ਭਖਿਆ ਹੋਇਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 16 ਮਈ ਨੂੰ ਆਰ.ਟੀ.ਏ. ਦਫ਼ਤਰ ਦੀ ਚੈਕਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਵੱਲੋਂ ਪਰਮਿਟਾਂ ਅਤੇ ਬੱਸਾਂ ਦੇ ਟਾਈਮ-ਟੇਬਲ ਵਿਚ ਕੁਝ ਬੇਨਿਯਮੀਆਂ ਪਾਈਆਂ ਗਈਆਂ ਸਨ। ਉਸ ਸਮੇਂ ਉਨ੍ਹਾਂ ਨੇ ਪ੍ਰਮੁੱਖ ਸਕੱਤਰ (ਟਰਾਂਸਪੋਰਟ) ਵਿਕਾਸ ਗਰਗ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਇਕ ਹਫ਼ਤੇ ਵਿੱਚ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਸਨ। ਰਿਪੋਰਟ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ।