ਮਾਨਸਾ, 31 ਮਈ-ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਿੰਦੁਸਤਾਨ ਦੇ ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਐਤਵਾਰ ਨੂੰ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਵਿਚ ਸਿੱਧੂ ਮੂਸੇਵਾਲਾ ਸਮੇਤ 2 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਸਨ ਅਤੇ ਇੱਥੋਂ ਦੇ ਨਜ਼ਦੀਕੀ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਂਕ ਵਿਚ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਥਾਰ ਗੱਡੀ ‘ਤੇ ਆਪਣੇ ਪਿੰਡ ਮੂਸਾ ਤੋਂ ਜਾ ਰਹੇ ਸੀ ਤਾਂ ਅਚਾਨਕ ਇਕ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਆਏ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਸੀ।
ਜਿਸ ‘ਤੇ ਕਈ ਗੋਲੀਆਂ ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿਚ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਥਾਰ ਵਿਚ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸਾ ਵੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ।