ਨਵੀਂ ਦਿੱਲੀ, 10 ਜੂਨ– ਲਾਰੈਂਸ ਬਿਸ਼ਨੋਈ ਨਾਲ ਜੁੜੇ ਮਾਮਲੇ ‘ਚ ਸਪੈਸ਼ਲ ਸੈੱਲ ਤੋਂ ਬਾਅਦ ਹੁਣ ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ ਦੀ ਐਂਟਰੀ ਹੋਣ ਵਾਲੀ ਹੈ। ਗੈਂਗਸਟਰ ਲਾਰੈਂਸ ਨੂੰ ਸਪੈਸ਼ਲ ਸੈੱਲ ਦੀ ਟੀਮ ਅੱਜ ਯਾਨੀ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ। ਪਟਿਆਲਾ ਹਾਊਸ ਕੋਰਟ ਨੇ ਦਿੱਲੀ ਪੁਲਸ ਦੀ ਸਾਊਥ ਰੇਂਜ ਸਪੈਸ਼ਲ ਸੈੱਲ ਦੀ ਟੀਮ ਨੂੰ ਲਾਰੈਂਸ ਬਿਸ਼ਨੋਈ ਦੀ ਕਸਟਡੀ ਸੌਂਪੀ ਹੈ। ਲਾਰੈਂਸ ਨੂੰ 4 ਦਿਨ ਦੀ ਪੁਲਸ ਕਸਟਡੀ ‘ਚ ਭੇਜਿਆ ਗਿਆ ਹੈ।
ਦੱਸਣਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਥਾਰ ਜੀਪ ’ਚ ਸਵਾਰ ਹੋ ਕੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ ਹਾਲੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ।