ਚੰਡੀਗੜ੍ਹ, 11 ਜੂਨ- (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਚੋਣ ਅਫ਼ਸਰ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵੱਲੋਂ ਸੰਗਰੂਰ ਪਾਰਲੀਮਾਨੀ ਚੋਣ ਵਾਸਤੇ ਦਿੱਤੇ ਹੋਰਡਿੰਗਜ਼ ਤੇ ਪੋਸਟਰਾਂ ਨੂੰ ਪ੍ਰਵਾਨਗੀ ਦੇਣ ਤੋਂ ਨਾਂਹ ਕਰਨ ਦੇ ਆਪਣੇ ਫ਼ੈਸਲੇ ਦੀ ਸਮੀਖਿਆ ਕਰਨ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਮਿਸ਼ਨ ਦੀ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਨੇ ਅਕਾਲੀ ਦਲ ਵੱਲੋਂ ਸੌਂਪੇ ਪੋਸਟਰ ਇਹ ਕਹਿ ਕੇ ਰੱਦ ਕਰ ਦਿੱਤੇ ਹਨ ਕਿ ਇਨ੍ਹਾਂ ਨਾਲ ਲੋਕਾਂ ਨੂੰ ਪੀੜਾ ਹੋਵੇਗੀ ਤੇ ਬੇਲੋੜੀਂਦੀ ਬੇਚੈਨੀ ਵਧੇਗੀ।
ਇਥੇ ਮੀਡੀਆ ਵਾਲਿਆਂ ਨੂੰ ਇਹ ਪੋਸਟਰ ਵਿਖਾਉਂਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਸਿਰਫ ਬੰਦੀ ਸਿੰਘਾਂ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬਾ ਕਮਲਦੀਪ ਕੌਰ ਰਾਜੋਆਣਾ ਵੱਲੋਂ ਕੀਤੀ ਅਪੀਲ ਹੈ, ਜਿਸ ’ਚ ਉਨ੍ਹਾਂ ਨੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਭੈਣ ਨੇ ਪੰਜਾਬੀਆਂ ਤੋਂ ਉਨ੍ਹਾਂ ਦੇ ਭਰਾ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਪੀਲ ਕੀਤੀ ਹੈ। ਇਹ ਉਨ੍ਹਾਂ ਦਾ ਹੱਕ ਹੈ। ਇਹ ਸੰਵਿਧਾਨ ’ਚ ਅੰਕਿਤ ਬੋਲਣ ਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਮੁਤਾਬਕ ਹੈ।