ਗੁਰਦੁਆਰਾ ਕਮੇਟੀ ਦੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਦਾ ਦੇਹਾਂਤ

satinder/nawanpunjab.com

ਚੰਡੀਗੜ੍ਹ,14 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਬੀਤੀ ਰਾਤ ਦਿਲ ਦੀ ਧੜਕਣ ਰੁਕਣ ਕਾਰਨ ਦੇਹਾਂਤ ਹੋ ਗਿਆ। ਬੀਤੀ ਰਾਤ ਤਕਰੀਬਨ ਪੌਣੇ ਬਾਰਾਂ ਵਜੇ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਰਾਤ ਸਵਾ ਬਾਰਾਂ ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਹ 66 ਸਾਲਾਂ ਦੇ ਸਨ । ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸਮਸ਼ਾਨ ਘਾਟ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ।ਉਹ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐੱਸਸੀ ਰਾਖਵੀਂ ਸੀਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ।

1992 ਤੱਕ ਉਹ ਨੇੱਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ। ਸਾਲ 1995 ਤੋਂ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਥਾਪਕ ਅਤੇ ਪ੍ਰਿੰਸੀਪਲ ਵੀ ਚਲੇ ਆ ਰਹੇ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ਵਿਚ ਜੀਵਨ ਭਰ ਦਾ ਯੋਗਦਾਨ ਮਿਸਾਲੀ ਰਿਹਾ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਬੀਬੀ ਭੁਪਿੰਦਰ ਕੌਰ, ਧੀ ਇੰਦਰਪ੍ਰੀਤ ਕੌਰ ਅਤੇ ਪੁੱਤਰ ਅਮਨਦੀਪ ਸਿੰਘ ਹਨ। ਉਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਕੈਬਿਨੈਟ ਮੰਤਰੀ ਹਰਜੋਤ ਬੈਂਸ, ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ,ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |

Leave a Reply

Your email address will not be published. Required fields are marked *