ਚੰਡੀਗੜ੍ਹ- : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 30 ਜੁਲਾਈ ਨੂੰ ਚੰਡੀਗੜ੍ਹ ‘ਚ ਕਈ ਯੋਜਨਾਵਾਂ ਦੀ ਸ਼ੁਰੂਆਤ ਕਰਨਗੇ। ਇਸ ਦੇ ਨਾਲ ਹੀ ਅਮਿਤ ਸ਼ਾਹ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ। ਸ਼ਹਿਰ ‘ਚ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਸਬੰਧੀ ਮੰਗਲਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਗ੍ਰਹਿ ਮੰਤਰੀ ਦੇ ਦੌਰੇ ਸਬੰਧੀ ਪ੍ਰੋਗਰਾਮਾਂ ਦੀਆਂ ਯੋਜਨਾਵਾਂ ਤਿਆਰ ਕਰ ਕੇ ਪ੍ਰਸ਼ਾਸਨ ਵੱਲੋਂ ਗ੍ਰਹਿ ਮੰਤਰਾਲੇ ਕੋਲ ਭੇਜ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ 30 ਜੁਲਾਈ ਨੂੰ ਪ੍ਰਸ਼ਾਸਨ ਦੇ ਕਈ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰ ਸਕਦੇ ਹਨ। ਇਨ੍ਹਾਂ ‘ਚ ਪੋਸ਼ਣ ਲੱਡੂ ਅਭਿਆਨ ਸਮੇਤ ਹੋਰ ਕਈ ਯੋਜਨਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਅਮਿਤ ਸ਼ਾਹ ਕੁੱਝ ਮਹੱਤਵਪੂਰਨ ਯੋਜਨਾਵਾਂ ਦਾ ਨੀਂਹ ਪੱਥਰ ਵੀ ਰੱਖਣਗੇ।
ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਾਰੀਆਂ ਜਾਣਕਾਰੀਆਂ ਮੰਤਰਾਲੇ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਹੋਣ ਵਾਲੀ ਬੈਠਕ ‘ਚ ਇੰਡਸਟਰੀਅਲ ਏਰੀਆ ਦੀਆਂ ਜਾਇਦਾਦਾਂ ਨੂੰ ਲੀਜ਼ ਤੋਂ ਫ੍ਰੀ ਹੋਲਡ, ਯੂ. ਟੀ. ਇੰਪਲਾਈਜ਼ ਦੀ ਹਾਊਸਿੰਗ ਸਕੀਮ ਸਮੇਤ ਕਈ ਮੁੱਦਿਆਂ ’ਤੇ ਚਰਚਾ ਵੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਇਸ ਦੌਰੇ ਦੌਰਾਨ ਅਮਿਤ ਸ਼ਾਹ ਹਰਿਆਣਾ ਦੀ ਨਵੀਂ ਵਿਧਾਨ ਸਭਾ ਇਮਾਰਤ ਲਈ ਨੀਂਹ ਪੱਥਰ ਵੀ ਰੱਖ ਸਕਦੇ ਹਨ।