ਅੰਮ੍ਰਿਤਸਰ : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਇਕ ਹੋਰ ਮੁੱਦਾ ਖੜ੍ਹਾ ਕਰ ਦਿੱਤਾ ਹੈ। ਹੁਣ ਉਨ੍ਹਾਂ ਨੇ ਸੁਪਰੀਮ ਕੋਰਟ (Supreme Court) ‘ਚ ਸਿੱਖ ਜੱਜ ਨਾ ਹੋਣ ਦਾ ਮੁੱਦਾ ਚੁੱਕਿਆ ਹੈ। ਲੋਕ ਸਭਾ ‘ਚ ਫੈਮਿਲੀ ਕੋਰਟ ਸੋਧ ਬਿੱਲ (Family Court Amendment Bill) ‘ਤੇ ਬਹਿਸ ਚੱਲ ਰਹੀ ਸੀ ਜਿਸ ਵਿੱਚ ਵਿਰੋਧੀਆਂ ਨੇ ਜੱਜਾਂ ਦੀ ਨਿਯੁਕਤੀ ‘ਚ ਹੋ ਰਹੀ ਦੇਰੀ ਦਾ ਮੁੱਦਾ ਉਠਾਇਆ। ਉੱਥੇ ਹੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ “ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਇਸ ਕਾਰਨ ਚਿੰਤਤ ਹਨ ਕਿ ਸੁਪਰੀਮ ਕੋਰਟ ‘ਚ ਝਾਰਖੰਡ ਤੇ ਬਿਹਾਰ ਦਾ ਕੋਈ ਜੱਜ ਨਹੀਂ ਪਰ, ਮੈਨੂੰ ਚਿੰਤਾ ਇਸ ਗੱਲ ਦੀ ਹੈ ਕਿ ਉੱਥੇ ਕੋਈ ਸਿੱਖ ਜੱਜ ਨਹੀਂ।’ ਕਾਨੂੰਨ ਮੰਤਰੀ ਨੇ ਕਿਹਾ ਕਿ ਜੱਜਾਂ ਦੀ ਨਿਯੁਕਤੀ ਦੀ ਵਿਵਸਥਾ ਹੈ। ਉਨ੍ਹਾਂ ਲਈ ਇਸ ਬਾਰੇ ਕੋਈ ਟਿੱਪਣੀ ਕਰਨਾ ਠੀਕ ਨਹੀਂ ਹੋਵੇਗਾ।
ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਬੁਰੀ ਤਰ੍ਹਾਂ ਘਿਰ ਚੁੱਕੇ ਹਨ। ਉਨ੍ਹਾਂ ਦੇ ਇਸ ਬਿਆਨ ਨਾਲ ਕਾਫੀ ਹੰਗਾਮਾ ਹੋਇਆ ਹੈ। ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮਾਫ਼ੀ ਮੰਗਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਰੋਧੀਆਂ ਨੇ ਇਹ ਵੀ ਕਿਹਾ ਕਿ ਜਦੋਂ ਉਨ੍ਹਾਂ ਨੇ ਸੰਸਦ ਮੈਂਬਰ ਬਣਨ ਲਈ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ ਸੀ ਤਾਂ ਉਨ੍ਹਾਂ ਨੂੰ ਇਸ ਦੇ ਦਾਇਰੇ ਵਿੱਚ ਵੀ ਰਹਿਣਾ ਚਾਹੀਦਾ ਹੈ।