ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ ਲੋਕ ਸਭਾ ‘ਚ ਪੇਸ਼ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਸਿਆਸਤ ਭੱਖੀ ਹੋਈ ਹੈ। ਕਿਸਾਨਾਂ ਤੋਂ ਇਲਾਵਾ ਕਈ ਸੂਬਾ ਸਰਕਾਰਾਂ ਵੀ ਇਸ ਬਿੱਲ ਦੇ ਖ਼ਿਲਾਫ਼ ਹਨ। ਬਿਜਲੀ ਸੋਧ ਬਿੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦਾ ਤਿੱਖਾ ਵਿਰੋਧ ਕੀਤਾ ਹੈ। ਇਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੱਕ ਵਾਰ ਫਿਰ ਸੂਬਿਆਂ ਦੇ ਅਧਿਕਾਰਾਂ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2022 ਨੂੰ ਸੰਸਦ ‘ਚ ਪੇਸ਼ ਕਰਨ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ ਅਤੇ ਅਸੀਂ ਆਪਣੇ ਹੱਕਾਂ ਲਈ ਲੜਾਂਗੇ । ਮਾਨ ਨੇ ਕਿਹਾ ਕਿ ਅਸੀਂ ਇਸ ਲਈ ਸੜਕ ਤੋਂ ਸੰਸਦ ਤੱਕ ਵੀ ਪਹੁੰਚ ਕਰਾਂਗੇ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਕਿਸਾਨੀ ਸੰਘਰਸ਼ ਦੌਰਾਨ ਵੀ ਬਿਜਲੀ ਸੋਧ ਬਿੱਲ ਨੂੰ ਸੰਸਦ ‘ਚ ਪੇਸ਼ ਕਰਨ ਦੀ ਗੱਲ ਕਹੀ ਸੀ ਪਰ ਤਿੱਖੇ ਵਿਰੋਧ ਕਰਨ ਸਰਕਾਰ ਨੇ ਆਪਣਾ ਫ਼ੈਸਲਾ ਬਦਲ ਲਿਆ ਸੀ। ਕੇਂਦਰ ਸਰਕਾਰ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਚੱਲਦਿਆਂ 3 ਖੇਤੀ ਕਾਨੂੰਨਾਂ ਨੂੰ ਵੀ ਵਾਪਸ ਲੈਣਾ ਪਿਆ ਸੀ। ਅੱਜ ਬਿਜਲੀ ਸੋਧ ਬਿੱਲ ਨੂੰ ਲੋਕ ਸਭਾ ‘ਚ ਪੇਸ਼ ਕੀਤਾ ਗਿਆ ਹੈ ਅਤੇ ਕਿਸਾਨਾਂ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਵੀ ਇਸ ਬਿਜਲੀ ਦੇ ਵਿਰੋਧ ‘ਚ ਸੰਘਰਸ਼ ਕਰਨ ਦੀ ਚਿਤਾਵਨੀ ਕੇਂਦਰ ਸਰਕਾਰ ਨੂੰ ਦਿੱਤੀ ਹੈ।