ਚੰਡੀਗੜ੍ਹ : ਡਰੱਗਜ਼ ਕੇਸ ‘ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ਤੋਂ ਬਾਹਰ ਆ ਸਕਣਗੇ। ਜਾਣਕਾਰੀ ਮੁਤਾਬਕ ਕਰੋੜਾਂ ਦੇ ਡਰੱਗ ਰੈਕੇਟ ਕੇਸ ‘ਚ ਜੇਲ੍ਹ ‘ਚ ਬੰਦ ਮਜੀਠੀਆ ਵੱਲੋਂ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਸੀ।
29 ਜੁਲਾਈ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਬਾਅਦ ਸੁਰੱਖਿਅਤ ਰੱਖੇ ਹੁਕਮ ਸੁਣਾਉਣ ਦੀ ਬਜਾਏ ਜੱਜ ਨੇ 33 ਦਿਨ ਬਾਅਦ ਕੇਸ ਦੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਤੋਂ ਇਲਾਵਾ ਇਕ ਹੋਰ ਬੈਂਚ ਨੇ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਸੀ। ਫਿਰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਸੁਣਵਾਈ ਸ਼ੁਰੂ ਹੋਈ ਸੀ ਤੇ ਬੈਂਚ ਨੇ ਹੁਕਮ ਸੁਰੱਖਿਅਤ ਰੱਖ ਲਏ ਸਨ। ਇਸ ਤੋਂ ਬਾਅਦ ਹੁਣ ਅੱਜ ਅਦਾਲਤ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਹੈ।