ਚੰਡੀਗੜ੍ਹ : ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਿਜ਼ ਦੇ ਵਾਈਸ ਚਾਂਸਲਰ (ਵੀ. ਸੀ.) ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਹੁਣ ਯੂਨੀਵਰਸਿਟੀ ਨੂੰ ਜਲਦ ਹੀ ਨਵਾਂ ਵਾਈਸ ਚਾਂਸਲਰ ਮਿਲ ਸਕਦਾ ਹੈ। ਜਾਣਕਾਰੀ ਮੁਤਾਬਕ ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਨੂੰ ਲੈ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ।
ਅਸਤੀਫ਼ਾ ਦੇਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਈ ਵਾਰ ਡਾ. ਰਾਜ ਬਹਾਦਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਅਖ਼ੀਰ ‘ਚ ਮੁੱਖ ਮੰਤਰੀ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਲਈ ਗਏ ਸਨ।
ਇਸ ਦੌਰੇ ਦੌਰਾਨ ਸਿਹਤ ਮੰਤਰੀ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ‘ਤੇ ਪਏ ਪੁਰਾਣੇ ਗੱਦੇ ‘ਤੇ ਬਿਠਾ ਦਿੱਤਾ ਸੀ ਅਤੇ ਉਨ੍ਹਾਂ ਨਾਲ ਬੁਰਾ ਵਰਤਾਓ ਕੀਤਾ। ਇਸ ਤੋਂ ਦੁਖ਼ੀ ਹੋ ਕੇ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।