ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SGPC ਨੇ ਕਾਲੀਆਂ ਦਸਤਾਰਾਂ ਸਜਾ ਕੇ ਕੀਤਾ ਰੋਸ ਪ੍ਰਦਰਸ਼ਨ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਕਾਲੀਆਂ ਦਸਤਾਰਾਂ ਸਜਾ ਕੇ ਕੀਤਾ ਗਿਆ। ਇਸ ਮਾਰਚ ‘ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਮੁਲਾਜ਼ਮ ਵੱਡੀ ਗਿਣਤੀ ’ਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਰੋਸ ਮਾਰਚ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।

ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਕਈ ਸਿੱਖ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਆਪਣੀਆਂ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ 25 ਤੋਂ 30 ਸਾਲਾਂ ਤੋਂ ਬੰਦ ਹਨ। ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਉਕਤ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਜਾ ਰਿਹਾ। ਪ੍ਰਧਾਨ ਮੰਤਰੀ ਮੋਦੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ ਅਤੇ ਉਨ੍ਹਾਂ ਦੀਆਂ ਉਮਰ ਕੈਦ ਦੀਆਂ ਸਜ਼ਾਵਾਂ ਮੁਆਫ਼ ਕਰਨ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਸੀ।
ਮੈਂਬਰਾਂ ਨੇ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ, ਜਦਕਿ ਦੂਸਰੇ ਪਾਸੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਸਰਕਾਰਾਂ ਦੇ ਇਸੇ ਵਿਤਕਰੇ ਭਰੇ ਰਵੱਈਏ ਕਰਕੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *