ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਵਿਭਾਗ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਦਿੱਤੀਆਂ ਮਸ਼ੀਨਾਂ ਦੀ ਵੰਡ ‘ਚ 150 ਕਰੋੜ ਰੁਪਏ ਦਾ ਘਪਲਾ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਿੱਥੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਜੀਲੈਂਸ ਜਾਂਚ ਕਰਾਉਣ ਦੀ ਗੱਲ ਕਹੀ ਗਈ ਹੈ, ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਰਾਡਾਰ ‘ਤੇ ਆ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਕੈਪਟਨ ਤੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਜਿਸ ਸਮੇਂ ਇਹ ਘਪਲਾ ਹੋਇਆ, ਉਸ ਸਮੇਂ ਕੈਪਟਨ ਪੰਜਾਬ ਦੇ ਮੁੱਖ ਮੰਤਰੀ ਸਨ ਅਤੇ ਕੇਂਦਰ ਵੱਲੋਂ ਜੋ ਵੀ ਪੈਸਾ ਜਾਂ ਸਹੂਲਤ ਆਉਂਦੀ ਹੈ, ਉਸ ਦੀ ਪੂਰੀ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਹੁੰਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ, ਜਿਨ੍ਹਾਂ ਵੱਲੋਂ ਇਹ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ 16 ਅਗਸਤ, 2022 ਤੱਕ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ 83986 ਮਸ਼ੀਨਾਂ ਵਿੱਚੋਂ 79295 ਮਸ਼ੀਨਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਦਾ 94.4 ਫੀਸਦੀ ਹੈ।
ਇਨ੍ਹਾਂ ਵੈਰੀਫਾਈ ਕੀਤੀਆਂ ਗਈਆਂ ਮਸ਼ੀਨਾਂ ਵਿੱਚੋਂ ਕੁੱਲ 11275 ਮਸ਼ੀਨਾਂ (13%) ਮਸ਼ੀਨਾਂ ਲਾਭਪਾਤਰੀਆਂ ਕੋਲ ਉਪਲੱਬਧ ਨਹੀਂ ਹਨ। ਉਨ੍ਹਾਂ ਦੱਸਿਆ ਕਿ ਮੁੱਢਲੇ ਤੌਰ ’ਤੇ ਕੀਤੀ ਗਈ ਜਾਂਚ ਦੌਰਾਨ ਇਹ ਘਪਲਾ 125-150 ਕਰੋੜ ਰੁਪਏ ਤੱਕ ਜਾਪਦਾ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਵਿਜੀਲੈਂਸ ਵਿਭਾਗ ਨੂੰ ਲਿਖਿਆ ਗਿਆ ਹੈ।