ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਖੁਸ਼ੀ ’ਚ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਤਿਆਰ ਕੀਤੀ ਮਠਿਆਈ ਤੇ ਭਾਜੀ

ਬਟਾਲਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 3 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦਾ ਸੰਗਤਾਂ ਵਿੱਚ ਬਹੁਤ ਖੁਸ਼ੀਆਂ-ਚਾਅ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੰਦਿਆਂ ਦੱਸਿਆ ਕਿ ਸੰਗਤਾਂ ਵੱਲੋਂ ਵਿਆਹ ਪੁਰਬ ਤੋਂ ਦੱਸ-ਦੱਸ ਦਿਨ ਪਹਿਲਾਂ ਦੂਰ ਦੂਰਾਡੇ ਤੋਂ ਪਰਿਵਾਰਾਂ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦੇ ਵਿਆਹ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।
ਜਥੇਦਾਰ ਗੋਰਾ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਵੱਲੋਂ, ਸੇਵਾ ਸਭਾ ਸੁਸਾਇਟੀਆ, ਧਾਰਮਿਕ ਜਥੇਬੰਦੀਆਂ, ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀ ਖੁਸ਼ੀ ਵਿੱਚ ਪੱਬਾਂ ਭਾਰ ਹੋ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਵਿਆਹ ਪੁਰਬ ਦੀ ਖੁਸ਼ੀ ਵਿੱਚ ਸੰਗਤਾਂ ਲਈ ਬੂੰਦੀ, ਸ਼ਕਰਪਾਰੇ, ਵੇਸਨ, ਮੱਠੀਆਂ ਆਦਿ ਮਠਿਆਈਆਂ ਭਾਜੀ ਦੇ ਰੂਪ ਵਿੱਚ ਸੰਗਤਾਂ ਲਈ ਬਣਾਈਆਂ ਜਾ ਰਹੀਆਂ ਹਨ।

ਜਥੇਦਾਰ ਗੋਰਾ ਨੇ ਦੱਸਿਆ ਕਿ ਜਿਥੇ ਗੁਰਦੁਆਰਾ ਸਾਹਿਬ ਵਿਖੇ ਭਾਜੀ ਤਿਆਰ ਕੀਤੀ ਜਾ ਰਹੀ ਹੈ, ਉਥੇ ਵੱਖ-ਵੱਖ ਸੇਵਾ ਸਭਾ ਸੁਸਾਇਟੀਆ ਵੱਲੋਂ ਭਾਜੀ ਮਠਿਆਈਆਂ ਤਿਆਰ ਕਰਵਾਈਆਂ ਗਈਆਂ ਹਨ। ਇਸ ਮੌਕੇ ਨਿਸ਼ਾਨ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਆਦਿ ਸੰਗਤਾਂ ਹਾਜਰ ਸਨ।

Leave a Reply

Your email address will not be published. Required fields are marked *