ਚੰਡੀਗੜ੍ਹ : ਤਰਨਤਾਰਨ ਦੇ ਪੱਟੀ ‘ਚ ਕੈਥੋਲਿਕ ਚਰਚ (Catholic Church) ‘ਤੇ ਹੋਏ ਹਮਲੇ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab & Haryana High Court) ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਚੰਡੀਗੜ੍ਹ ਵਾਸੀ ਸੁਖਜਿੰਦਰ ਗਿੱਲ ਅਤੇ ਹੋਰਨਾਂ ਵੱਲੋਂ ਦਾਇਰ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਸੂਬੇ ‘ਚ ਈਸਾਈ ਭਾਈਚਾਰੇ ਨਾਲ ਸਬੰਧਤ ਲੋਕਾਂ ਤੇ ਚਰਚ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਨੂੰ ਹੁਕਮ ਦਿੱਤੇ ਜਾਣ। ਫਿਲਹਾਲ ਇਹ ਪਟੀਸ਼ਨ ਹਾਈ ਕੋਰਟ ਦੀ ਰਜਿਸਟਰੀ ‘ਚ ਦਾਇਰ ਕੀਤੀ ਗਈ ਹੈ ਅਤੇ ਇਸ ‘ਤੇ ਅਗਲੇ ਹਫਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।
ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਪੰਜਾਬ ‘ਚ ਈਸਾਈ ਭਾਈਚਾਰੇ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਹੁਣ ਚਰਚ ‘ਚ ਵਾਪਰੀ ਘਟਨਾ ਤੋਂ ਬਾਅਦ ਇਹ ਭਾਈਚਾਰਾ ਪੰਜਾਬ ‘ਚ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਕਤ ਘਟਨਾ ਪੰਜਾਬ ‘ਚ ਅਮਨ-ਕਾਨੂੰਨ ‘ਤੇ ਸਵਾਲ ਖੜ੍ਹੇ ਕਰਦੀ ਹੈ, ਜੇਕਰ ਪੁਲਿਸ ਜਲਦ ਹਰਕਤ ‘ਚ ਨਾ ਆਈ ਤਾਂ ਪੰਜਾਬ ‘ਚ ਫਿਰਕੂ ਦੰਗਿਆਂ ਦੀ ਸਥਿਤੀ ਪੈਦਾ ਹੋ ਜਾਵੇਗੀ।