ਚੰਡੀਗੜ੍ਹ- ਪੰਜਾਬ ਦੇ ਸਾਬਕਾ ਡੀਜੀਪੀ ਵੀਕੇ ਭਾਵਰਾ ਨੇ ਸੂਬਾ ਸਰਕਾਰ ਵੱਲੋਂ ਜਾਰੀ ਨੋਟਿਸ ਦਾ ਜਵਾਬ ਦਿੱਤਾ ਹੈ। ਭਾਵਰਾ ਨੇ ਆਪਣੇ ਜਵਾਬ ‘ਚ ਕਈ ਸਵਾਲ ਖੜ੍ਹੇ ਕੀਤੇ ਹਨ। ਇਸ ਨਾਲ ਭਾਵਰਾ ਤੇ ਭਗਵੰਤ ਮਾਨ ਸਰਕਾਰ ਵਿਚਾਲੇ ਵਿਵਾਦ ਵਧਣ ਦੀ ਸੰਭਾਵਨਾ ਹੈ।
ਸਾਬਕਾ ਡੀਜੀਪੀ ਤੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵੀਰੇਸ਼ ਕੁਮਾਰ ਭਾਵਰਾ ਨੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟਿਸ ਦਾ ਜਵਾਬ ਭੇਜਿਆ ਹੈ। ਆਪਣੇ ਜਵਾਬ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਈ ਸਵਾਲ ਪੁੱਛੇ ਹਨ, ਜਿਸ ਤੋਂ ਲੱਗਦਾ ਹੈ ਕਿ ਡੀਜੀਪੀ ਦੇ ਅਹੁਦੇ ਨੂੰ ਲੈ ਕੇ ਸਰਕਾਰ ਅਤੇ ਉਨ੍ਹਾਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕੇਗਾ ਨਹੀਂ। ਸਰਕਾਰ ਦੇ ਨੋਟਿਸ ਦਾ ਜਵਾਬ ਦਿੰਦਿਆਂ ਉਨ੍ਹਾਂ ਦੋ ਦਰਜਨ ਤੋਂ ਵੱਧ ਜਵਾਬੀ ਸਵਾਲ ਪੁੱਛੇ ਹਨ। ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਛੁੱਟੀ ‘ਤੇ ਗਏ ਵੀਰੇਸ਼ ਕੁਮਾਰ ਭਾਵੜਾ ਦੀ ਵਾਪਸੀ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਦੀ ਛੁੱਟੀ ਵਧਾਉਣ ਲਈ ਕਿਹਾ ਸੀ ਪਰ ਭਾਵਰਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ‘ਤੇ ਦਬਾਅ ਬਣਾਉਣ ਲਈ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਨੂੰ ਸੁਰੱਖਿਆ ਨਾ ਵਧਾਉਣ ਤੇ ਖੁਫੀਆ ਵਿਭਾਗ ‘ਤੇ ਹਮਲੇ ਲਈ ਨੋਟਿਸ ਜਾਰੀ ਕੀਤਾ ਸੀ।
ਵੀਕੇ ਭਾਵੜਾ ਦੇ ਦੋ ਮਹੀਨਿਆਂ ਦੀ ਛੁੱਟੀ ‘ਤੇ ਜਾਣ ਕਾਰਨ ਸੂਬਾ ਸਰਕਾਰ ਨੇ ਗੌਰਵ ਯਾਦਵ ਨੂੰ ਉਨ੍ਹਾਂ ਦੀ ਥਾਂ ‘ਤੇ ਕਾਰਜਕਾਰੀ ਡੀਜੀਪੀ ਬਣਾਇਆ ਸੀ ਅਤੇ ਸਰਕਾਰ ਉਨ੍ਹਾਂ ਨੂੰ ਇਸ ਅਹੁਦੇ ‘ਤੇ ਬਰਕਰਾਰ ਰੱਖਣਾ ਚਾਹੁੰਦੀ ਸੀ। ਨਿਯਮਾਂ ਮੁਤਾਬਕ ਡੀਜੀਪੀ ਨੂੰ ਦੋ ਸਾਲ ਤੋਂ ਪਹਿਲਾਂ ਨਹੀਂ ਹਟਾਇਆ ਜਾ ਸਕਦਾ ਪਰ ਸਰਕਾਰ ਨੇ ਅਜਿਹਾ ਕੀਤਾ ਅਤੇ ਵੀਕੇ ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ। ਹੁਣ ਵੀਕੇ ਭਾਵਰਾ ਨੇ ਗ੍ਰਹਿ ਵਿਭਾਗ ਵੱਲੋਂ ਉਨ੍ਹਾਂ ਨੂੰ ਜਾਰੀ ਨੋਟਿਸ ਦਾ ਜਵਾਬ ਦੇ ਕੇ ਇਹ ਵਿਵਾਦ ਫਿਰ ਛੇੜ ਦਿੱਤਾ ਹੈ। ਖਾਸ ਤੌਰ ‘ਤੇ ਜਦੋਂ ਨੋਟਿਸ ਦਾ ਸਿੱਧਾ ਜਵਾਬ ਦੇਣ ਦੀ ਬਜਾਏ ਉਸ ਨੇ ਸਰਕਾਰ ‘ਤੇ ਹੀ 25 ਸਵਾਲਾਂ ਦੀ ਭੜਾਸ ਕੱਢੀ ਹੈ ਤੇ ਆਪਣੇ ‘ਤੇ ਲੱਗੇ ਦੋਸ਼ਾਂ ਦਾ ਰਿਕਾਰਡ ਦੇਣ ਲਈ ਕਿਹਾ ਹੈ। ਹਾਲਾਂਕਿ ਉਸ ਦੇ ਜਵਾਬ ਦਾ ਵੇਰਵਾ ਨਹੀਂ ਮਿਲ ਸਕਿਆ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਵਿਵਾਦ ਅਜੇ ਖ਼ਤਮ ਨਹੀਂ ਹੋਇਆ ਹੈ।