ਨਵੀਂ ਦਿੱਲੀ/ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਕਿਸਾਨਾਂ ਨੂੰ ਹਰ ਸੰਭਵ ਮਦਦ ਦੇਣ ਲਈ ਨਿਰੰਤਰ ਯਤਨ ਕਰ ਰਹੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਉਸ ਵੇਲੇ ਵੱਡਾ ਬੂਰ ਮਿਲਿਆ ਜਦੋਂ ਪਰਾਲੀ ਦੇ ਪ੍ਰਬੰਧਨ ਵਿੱਚ ਪੰਜਾਬ ਤੇ ਦਿੱਲੀ ਸਰਕਾਰ ਦੀ ਸਾਂਝੀ ਵੱਡੀ ਪਹਿਲ ਸਦਕਾ ਪੰਜਾਬ ਵਿੱਚ ਪੂਸਾ ਬਾਇਓ ਡੀ ਕੰਪੋਜ਼ਰ ਦਾ 5000 ਏਕੜ ਵਿੱਚ ਪਾਇਲਟ ਪ੍ਰਾਜੈਕਟ ਕਰਨ ਦਾ ਫ਼ੈਸਲਾ ਕੀਤਾ ਗਿਆ। ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਕੱਲ੍ਹ ਦੇਰ ਰਾਤ ਨਵੀਂ ਦਿੱਲੀ ਵਿਖੇ ਉਚ ਪੱਧਰੀ ਮੀਟਿੰਗਾਂ ਕੀਤੀਆਂ ਗਈਆਂ।
ਧਾਲੀਵਾਲ ਮੁਤਾਬਕ ਪਹਿਲਾਂ ਉਹ ਨਵੀਂ ਦਿੱਲੀ ਵਿਖੇ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਇਸ ਦੇ ਪ੍ਰਬੰਧਨ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ ਅਤੇ ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੂਰਨ ਮਦਦ ਦਾ ਭਰੋਸਾ ਦਿੱਤਾ ਗਿਆ ਹੈ। ਇਸ ਉਪਰੰਤ ਦਿੱਲੀ ਦੇ ਖੇਤੀਬਾੜੀ ਮੰਤਰੀ ਗੋਪਾਲ ਰਾਏ ਨਾਲ ਵੀ ਮੁਲਾਕਾਤ ਕੀਤੀ। ਇਹ ਪ੍ਰਾਜੈਕਟ ਦੋਵੇਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਮਿਲ ਕੇ ਪੰਜਾਬ ਵਿੱਚ ਚਲਾਇਆ ਜਾਵੇਗਾ।