ਚੰਡੀਗੜ੍ਹ : ਪਿਛਲੇ ਸਾਲਾਂ ਦੌਰਾਨ ਹੋਏ ਘਪਲਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਖ਼ਤ ਦਿਖਾਈ ਦੇ ਰਹੀ ਹੈ। ਸਰਕਾਰ ਵੱਲੋਂ ਇਨ੍ਹਾਂ ਘਪਲਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ। ਇਸੇ ਤਹਿਤ ਇਕ ਤੋਂ ਬਾਅਦ ਇਕ ਸਾਬਕਾ ਮੰਤਰੀ, ਵੱਡੇ ਅਧਿਕਾਰੀ, ਸਾਬਕਾ ਵਿਧਾਇਕ ਫਸਦੇ ਨਜ਼ਰ ਆ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਰਾਣਾ ਕੇ. ਪੀ. ਸਿੰਘ ਖ਼ਿਲਾਫ਼ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਉੱਥੇ ਹੀ ਰਾਣਾ ਕੇ. ਪੀ. ਸਿੰਘ ਵੱਲੋਂ ਇਸ ਜਾਂਚ ਨੂੰ ਸਿਆਸੀ ਬਦਲਾਖ਼ੋਰੀ ਦੱਸਿਆ ਗਿਆ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਸਪੀਕਰ ਵੱਲੋਂ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ ਹੈ। ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਮਾਈਨਿੰਗ ‘ਤੇ ਪਾਬੰਦੀ ਦੇ ਬਾਵਜੂਦ ਸੂਬੇ ਭਰ ‘ਚ ਗੈਰ ਕਾਨੂੰਨੀ ਮਾਈਨਿੰਗ ਚੱਲ ਰਹੀ ਹੈ, ਜਿਸ ਦੀ ਸੀ. ਬੀ. ਆਈ. ਜਾਂਚ ਕੀਤੀ ਜਾਵੇ।
ਦੱਸਣਯੋਗ ਹੈ ਕਿ ਸਰਕਾਰ ਦਾ ਦਾਅਵਾ ਹੈ ਕਿ ਰੋਪੜ ਤੇ ਸ੍ਰੀ ਅਨੰਦਪੁਰ ਸਾਹਿਬ ਇਲਾਕੇ ‘ਚ ਹੋਈ ਗੈਰ ਕਾਨੂੰਨੀ ਮਾਈਨਿੰਗ ‘ਚ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦਾ ਹੱਥ ਸੀ। ਇਸ ਨੂੰ ਲੈ ਕੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਰਾਣਾ ਕੇ. ਪੀ. ਸਿੰਘ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਹਰਜੋਤ ਬੈਂਸ ਨੇ ਹੁਕਮ ਜਾਰੀ ਕਰਦਿਆਂ ਕਿਹਾ ਸੀ ਕੀ ਸੀ. ਬੀ. ਆਈ. ਨੇ ਪਿਛਲੇ ਸਾਲ ਜੁਲਾਈ ‘ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸਪੀਕਰ ਖ਼ਿਲਾਫ਼ ਜਾਂਚ ਕਰਨ ਲਈ ਗਿਆ ਸੀ ਪਰ ਇਸ ਮਾਮਲੇ ਨੂੰ ਦਬਾ ਦਿੱਤਾ ਗਿਆ ਕਿਉਂਕਿ ਉਸ ਸਮੇਂ ਰਾਣਾ ਕੇ. ਪੀ. ਦੀ ਪਾਰਟੀ ਸੱਤਾ ‘ਚ ਸਨ।