ਚੰਡੀਗੜ੍ਹ, 19 ਜੁਲਾਈ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਨਾਲ ਮੁਲਾਕਾਤਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਇਸ ਦੇ ਚੱਲਦਿਆਂ ਅੱਜ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰਾਜ ਸਭਾ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਬਾਜਵਾ ਵੱਲੋਂ ਵੀ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸਿੱਧੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਦੱਸ ਦੇਈਏ ਕਿ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਅੱਜ ਪੰਜਾਬ ਦੇ ਵਿਧਾਇਕਾਂ ਦੀ ਇਕ ਮੀਟਿੰਗ ਰੱਖੀ ਗਈ, ਜਿਸ ’ਚ ਸਿੱਧੂ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੀ ਖੁਸ਼ੀ ਜ਼ਾਹਿਰ ਕਰਨ ਲਈ ਪੰਜਾਬ ਦੇ ਵਿਧਾਇਕ ਪੁੱਜੇ। ਰਾਜ ਸਭਾ ਮੈਂਬਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ’ਚ ਸਿੱਧੂ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ ਗਈ।