ਚੰਡੀਗੜ੍ਹ, 14 ਅਕਤੂਬਰ- ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਦੇ ਵਿਵਾਦ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੈਠਕ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਅੱਜ ਦੀ ਤਾਰੀਖ਼ ‘ਚ ਹੀ ਕਹਿਣ ਨੂੰ ਪੰਜ ਆਬ ਹੈ ਪਰ ਪੰਜਾਬ ਕੋਲ ਪਾਣੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਐੱਸ.ਵਾਈ. ਐੱਲ ਨਹੀਂ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਣੀ ਨਹੀਂ ਹੈ ਤਾਂ ਨਹਿਰ ਕਿਉਂ?
ਭਗਵੰਤ ਮਾਨ ਦਾ ਕਹਿਣਾ ਹੈ ਕਿ ਸਾਡੇ ਕੋਲ ਹਰਿਆਣਾ ਨੂੰ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ, ਕਿਉਂਕਿ ਪੰਜਾਬ ‘ਚ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਹੇਠਾਂ ਚਲਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਹਰਿਆਣਾ ਯਮੁਨਾ ਤੋਂ ਪਾਣੀ ਦੇ ਦੇਵੇ। ਉਨ੍ਹਾਂ ਕਿਹਾ ਸਾਡੇ ਕੋਲ ਕੁੱਲ 12.24 ਮਿਲੀਅਨ ਏਕੜ ਫੁੱਟ ਪਾਣੀ ਹੈ ਜਦਕਿ ਹਰਿਆਣਾ ਕੋਲ 14.10 ਕੋਲ ਮਿਲੀਅਨ ਏਕੜ ਫੁੱਟ ਪਾਣੀ ਹੈ, ਜੋ ਸਾਡੇ ਤੋਂ ਵੱਧ ਹੈ।