ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਣਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ ਵੀ 9 ਨਵੰਬਰ ਨੂੰ ਸੱਦ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਕੀਤੀ।
ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਐਕਟ ਨੂੰ ਮਾਨਤਾ ਦੇਣ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸ਼੍ਰੋਮਣੀ ਕਮੇਟੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਦੇ ਮੈਂਬਰ ਹਰਭਜਨ ਸਿੰਘ ਮਸਾਣਾ ਨੇ ਵੀ ਇਕ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਪਹਿਲਾਂ ਵੀ ਹਰਭਜਨ ਸਿੰਘ ਮਸਾਣਾ ਨੇ ਹੀ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਤੇ ਸੁਪਰੀਮ ਕੋਰਟ ਨੇ ਫ਼ੈਸਲਾ ਕਰਦਿਆਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਐਕਟ ਨੂੰ ਦਿੱਤੀ ਮਾਨਤਾ ਨੂੰ ਬਹਾਲ ਰੱਖਿਆ ਸੀ। ਸ਼੍ਰੋਮਣੀ ਕਮੇਟੀ ਇਸ ਫ਼ੈਸਲੇ ਦਾ ਵਿਰੋਧ ਕਰ ਰਹੀ ਹੈ ਤੇ ਇਸ ਖ਼ਿਲਾਫ਼ ਸੂਬਾ ਭਰ ਵਿਚ ਰੋਸ ਮਾਰਚ ਵੀ ਕੀਤੇ ਹਨ।