ਜਲੰਧਰ- ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਅੱਜ ਜਲੰਧਰ ਪੁੱਜੇ। ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰਾਂ ਅਜੇ ਵੀ ਕਿਸਾਨਾਂ ਨੂੰ ਧੋਖਾ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਾਅਲਸਾਜ਼ ਹੈ ਅਤੇ ਬੇਈਮਾਨ ਹੈ ਜੋ ਦੇਸ਼ ਦੇ ਇਤਿਹਾਸ ਨੂੰ ਬਦਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਦੋ ਫਾੜ ਕਰਨਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਜਾਣ ਦਾ ਹਾਲੇ ਕੋਈ ਵੀ ਪਲਾਨ ਨਹੀਂ ਹੈ ਪਰ ਫਿਰ ਵੀ ਕਿਸਾਨ ਦੇਸ਼ ‘ਚ ਇਕ ਵੱਡੇ ਅੰਦੋਲਨ ਲਈ ਤਿਆਰ ਰਹਿਣ ਕਿਉਂਕਿ ਦੇਸ਼ ‘ਚ ਇਕ ਵੱਡੇ ਅੰਦੋਲਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਂ ਆਉਣ ‘ਤੇ ਇਸ ਦਾ ਸਥਾਨ ਵੀ ਦੱਸ ਦਿੱਤਾ ਜਾਵੇਗਾ। ਟਿਕੈਤ ਨੇ ਕਿਹਾ ਕਿ ਇਸ ਵਾਰ ਆਉਣ ਵਾਲੇ ਵੱਡੇ ਅੰਦੋਲਨ ਵਿੱਚ ਇਕੱਲੇ ਕਿਸਾਨ ਹੀ ਨਹੀਂ ਸਗੋਂ ਦੇਸ਼ ਦੇ ਨੌਜਵਾਨ ਬਜ਼ੁਰਗ ਸਭ ਹਿੱਸਾ ਲੈਣਗੇ।