ਨਵੀਂ ਦਿੱਲੀ, 22 ਜੁਲਾਈ (ਦਲਜੀਤ ਸਿੰਘ)- ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਕੇਂਦਰੀ ਦਿੱਲੀ ਦੇ ਜੰਤਰ-ਮੰਤਰ ਵਿਖੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜੰਤਰ-ਮੰਤਰ ਸੰਸਦ ਭਵਨ ਤੋਂ ਕੁਝ ਮੀਟਰ ਦੀ ਦੂਰੀ ‘ਤੇ ਹੈ। ਦੂਜੇ ਪਾਸੇ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਕਾਂਗਰਸ ਸਾਂਸਦਾਂ ਨੇ ਸੰਸਦ ਦੇ ਅਹਾਤੇ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ।
ਜੰਤਰ-ਮੰਤਰ ਵਿਖੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਤੇ ਅਰਧ ਸੈਨਿਕ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੁਲਿਸ ਸੁਰੱਖਿਆ ਵਾਲੇ 200 ਕਿਸਾਨਾਂ ਦਾ ਸਮੂਹ ਬੱਸਾਂ ਵਿੱਚ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਪਹੁੰਚ ਗਿਆ ਹੈ। ਇਸ ਸਾਲ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਅਧਿਕਾਰੀਆਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਹੈ।