ਜਲੰਧਰ— ਕੋਟਕਪੂਰਾ ਵਿਖੇ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਮਾਮਲੇ ’ਚ ਸਿਆਸਤ ਭਖਣੀ ਸ਼ੁਰੂ ਹੋ ਗਈ ਹੈ। ਪ੍ਰਦੀਪ ਦੇ ਕਤਲ ਮਗਰੋਂ ਵਿਰੋਧੀਆਂ ’ਤੇ ਨਿਸ਼ਾਨੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤੰਜ ਕੱਸਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ’ਚ ਕਤਲ ਵਰਗੀਆਂ ਵਾਰਦਾਤਾਂ ਨੂੰ ਰੋਕਣ ’ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ।
ਉਨ੍ਹਾਂ ਕਿਹਾ ਕਿ ਰੋਜ਼ਾਨਾ ਪੰਜਾਬ ’ਚ ਕਤਲ ਵਰਗੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਪੰਜਾਬ ਪੂਰੀ ਤਰ੍ਹਾਂ ਅਰਾਜਕਤਾ ਵੱਲ ਵੱਧ ਰਿਹਾ ਹੈ। ਉਨ੍ਹਾਂ ਮਾਨ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਤੋਂ ਪਹਿਲਾਂ ਅਸੀਂ 80 ਦੇ ਦਹਾਕੇ ਦੇ ਕਾਲੇ ਯੁਗ ਵੱਲ ਵਧੀਏ, ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੀ ਕਾਨੂੰਨ ਵਿਵਸਥਾ ’ਤੇ ਧਿਆਨ ਦੇਣਾ ਸ਼ੁਰੂ ਕਰਨ।