ਚੰਡੀਗੜ੍ਹ, 22 ਜੁਲਾਈ (ਦਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ ‘ਚ ਆਉਣ ਦਾ ਸੱਦਾ ਕਬੂਲ ਕਰ ਲਿਆ ਹੈ। ਦੱਸਣਯੋਗ ਹੈ ਕਿ ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੀਰਵਾਰ ਨੂੰ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਲਈ ਸੱਦਾ ਪੱਤਰ ਦੇਣ ਕੈਪਟਨ ਨੂੰ ਮਿਲਣ ਪੁੱਜੇ ਸਨ। ਮੁਲਾਕਾਤ ਤੋਂ ਬਾਅਦ ਕੁਲਜੀਤ ਨਾਗਰਾ ਨੇ ਕਿਹਾ ਕਿ ਕੈਪਟਨ ਨੇ ਸਿੱਧੂ ਦੇ ਤਾਜਪੋਸ਼ੀ ਸਮਾਰੋਹ ‘ਚ ਆਉਣ ਦਾ ਸੱਦਾ ਕਬੂਲ ਕਰ ਲਿਆ ਹੈ।
ਉਨ੍ਹਾਂ ਕਿਹਾ ਹੈ ਕਿ ਕੈਪਟਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਹ ਤਾਜਪੋਸ਼ੀ ਸਮਾਰੋਹ ਦੌਰਾਨ ਸ਼ਿਰੱਕਤ ਕਰਨਗੇ। ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਤਾਜਪੋਸ਼ੀ ਸਮਾਰੋਹ ਤੋਂ ਪਹਿਲਾਂ ਪੰਜਾਬ ਭਵਨ ‘ਚ ਸਵੇਰੇ ਚਾਹ ਪਾਰਟੀ ਰੱਖੀ ਗਈ ਹੈ। ਇੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ।
ਇਸ ਤੋਂ ਬਾਅਦ ਸਾਰੇ ਇਕੱਠੇ ਹੋ ਕੇ ਤਾਜਪੋਸ਼ੀ ਸਮਾਰੋਹ ਲਈ ਪੰਜਾਬ ਕਾਂਗਰਸ ਭਵਨ ਵੱਲ ਜਾਣਗੇ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੇ ਪ੍ਰਧਾਨ ਬਣਨ ਤੋਂ ਬਾਅਦ ਇਹ ਚਰਚਾਵਾਂ ਚੱਲ ਰਹੀਆਂ ਸਨ ਕਿ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਖਟਾਸ ਵਾਲਾ ਮਾਹੌਲ ਬਣਿਆ ਹੋਇਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਹਿ ਦਿੱਤਾ ਸੀ ਕਿ ਜਦੋਂ ਤੱਕ ਨਵਜੋਤ ਸਿੱਧੂ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਹ ਉਨ੍ਹਾਂ ਨਾਲ ਮੁਲਾਕਾਤ ਨਹੀਂ ਕਰਨਗੇ ਅਤੇ ਸਿੱਧੂ ਖੇਮੇ ਵੱਲੋਂ ਵੱਲੋਂ ਵੀ ਇਹ ਸਾਫ ਕਿਹਾ ਗਿਆ ਸੀ ਕਿ ਨਵਜੋਤ ਸਿੱਧੂ ਮੁਆਫ਼ੀ ਨਹੀਂ ਮੰਗਣਗੇ।