ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਇਕ ਦਸੰਬਰ ਯਾਨੀ ਅੱਜ ਤੋਂ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਹਸਤਾਖਰ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ‘ਚ ਬੰਦ ਸਿੰਘਾਂ ਦੀ ਰਿਹਾਈ ਲਈ ਵੀਰਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਹਰ ਸ਼ਹਿਰ, ਹਰ ਪਿੰਡ, ਹਰ ਮੁਹੱਲੇ ਤੇ ਹਰ ਘਰ ਤਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੇਂਦਰੀ ਦੀ ਸੁੱਤੀ ਸਰਕਾਰ ਨਾ ਜਾਗੀ ਤਾਂ ਲੋੜ ਪੈਣ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਵੱਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।