ਜਲੰਧਰ- ਜਲੰਧਰ ਦੇ ਲਤੀਫ਼ਪੁਰਾ ‘ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ਨੂੰ ਪੁਲਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮਾਡਲ ਟਾਊਨ ਸਥਿਤ ਲਤੀਫ਼ਪੁਰਾ ‘ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਇੰਪਰੂਵਮੈਂਟ ਟਰੱਸਟ ਵੱਲੋਂ ਕੀਤੀ ਜਾ ਰਹੀ ਹੈ। ਇਸ ਦੇ ਕਾਰਨ ਮਾਡਲ ਟਾਊਨ ਵਾਲੇ ਸਾਰੇ ਰਸਤਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਦਾ ਇਲਾਕੇ ਦੇ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਲਤੀਫ਼ਪੁਰਾ ਨੂੰ ਖ਼ਾਲੀ ਕਰਵਾਉਣ ਲਈ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਲਤੀਫ਼ਪੁਰਾ ਦੇ ਲੋਕਾਂ ਨਾਲ ਕਿਸਾਨ ਜੱਥੇਬੰਦੀਆਂ ਵੀ ਉਨ੍ਹਾਂ ਦੀ ਹਮਾਇਤ ‘ਚ ਆ ਗਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਪਿਛਲੇ 70 ਸਾਲਾਂ ਤੋਂ ਲਤੀਫ਼ਪੁਰਾ ਦੇ ਲੋਕ ਇੰਪਰੂਵਮੈਂਟ ਟਰੱਸਟ ਦੀ ਥਾਂ ‘ਤੇ ਨਾਜਾਇਜ਼ ਕਬਜ਼ੇ ਕਰਕੇ ਬੈਠੇ ਹੋਏ ਹਨ।
ਭਾਰਤ-ਪਾਕਿਸਤਾਨ ਵੰਡ ਦੇ ਸਮੇਂ ਤੋਂ ਹੀ ਇਨ੍ਹਾਂ ਲੋਕਾਂ ਨੇ ਇੱਥੇ ਰੈਣ ਬਸੇਰਾ ਬਣਾਇਆ ਹੋਇਆ ਹੈ। ਨਾਜਾਇਜ਼ ਕਬਜ਼ੇ ਢਾਹੁਣ ਲਈ ਵਿਰੋਧ ਕਰਨ ਵਾਲੇ ਲੋਕਾਂ ਨੂੰ ਪੁਲਸ ਨੇ ਹਿਰਾਸਤ ‘ਚ ਲਿਆ ਹੈ ਅਤੇ ਬੱਸਾਂ ‘ਚ ਫੜ੍ਹ ਕੇ ਇਨ੍ਹਾਂ ਲੋਕਾਂ ਨੂੰ ਲਿਜਾਇਆ ਜਾ ਰਿਹਾ ਹੈ। ਔਰਤਾਂ ਆਪਣੇ ਉੱਜੜਦੇ ਆਸ਼ੀਆਨੇ ਨੂੰ ਦੇਖ ਕੇ ਰੋ ਰਹੀਆਂ ਹਨ। ਲੋਕਾਂ ਦੇ ਘਰਾਂ ‘ਤੇ ਪੀਲਾ ਪੰਜਾ ਚੱਲ ਰਿਹਾ ਹੈ। ਇਲਾਕੇ ‘ਚ ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਦੀ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ।