ਨਵੀਂ ਦਿੱਲੀ, 26 ਜੁਲਾਈ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਦਿੱਲੀ ਦੀ ਆਰਥਿਕ ਅਪਰਾਧ ਸ਼ਾਖਾ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਦੇ ਚੱਲਦੇ ਹੁਣ ਸਿਰਸਾ ਦੇਸ਼ ਛੱਡ ਕੇ ਕਿਤੇ ਵੀ ਬਾਹਰ ਨਹੀਂ ਜਾ ਸਕਦੇ ਹਨ। ਦਿੱਲੀ ਪੁਲਸ ਨੇ ਸਾਰੇ ਹਵਾਈ ਅੱਡਿਆਂ ’ਤੇ ਸਿਰਸਾ ਨੂੰ ਰੋਕਣ ਦਾ ਆਦੇਸ਼ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਸਿਰਸਾ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਵੱਡੀ ਕਾਰਵਾਈ ਕੀਤੀ ਹੈ। ਸਿਰਸਾ ਖ਼ਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਪੁਲਸ ਦੀ ਆਰਥਿਕ ਅਪਰਾਧ ਸ਼ਾਖਾ ਜਾਂਚ ਕਰ ਰਹੀ ਸੀ।
ਆਰਥਿਕ ਅਪਰਾਧ ਸ਼ਾਖਾ ਨੇ ਪਟਿਆਲਾ ਹਾਊਸ ਕੋਰਟ ’ਚ ਸਿਰਸਾ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਅਪੀਲ ਕੀਤੀ ਸੀ। ਜਾਂਚ ਟੀਮ ਦੀ ਅਪੀਲ ਮਗਰੋਂ ਸੋਮਵਾਰ ਯਾਨੀ ਕਿ ਅੱਜ ਪਟਿਆਲਾ ਹਾਊਸ ਕੋਰਟ ਵਲੋਂ ਸਿਰਸਾ ਨੂੰ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਨੋਟਿਸ ਜਾਰੀ ਹੋਣ ਨਾਲ ਹੀ ਸਿਰਸਾ ਦੀ ਵਿਦੇਸ਼ ਯਾਤਰਾ ’ਤੇ ਰੋਕ ਲਾ ਦਿੱਤੀ ਗਈ ਹੈ।