ਪੰਜਾਬ ਦੀ ਸਿਆਸਤ ਵਿਚ ਵੱਡਾ ਨਾਂ ਸਨ ਰਣਜੀਤ ਸਿੰਘ ਬ੍ਰਹਮਪੁਰਾ, ਅਜਿਹਾ ਰਿਹਾ ਸਿਆਸੀ ਸਫ਼ਰ

ਤਰਨਤਾਰਨ – ਅਕਾਲੀ ਦਲ ਦੇ ਸਰਪ੍ਰਸਤ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਦਿਹਾਂਤ ਹੋ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਚੰਡੀਗੜ੍ਹ ਵਿਖੇ ਪੀ. ਜੀ. ਆਈ. ‘ਚ ਪਿਛਲੇ ਤਿੰਨ ਦਿਨਾਂ ਤੋਂ ਜ਼ੇਰੇ ਇਲਾਜ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਦੀ ਪੁਸ਼ਟੀ ਬ੍ਰਹਮਪੁਰਾ ਦੇ ਬੇਟੇ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤੀ ਹੈ। ਰਣਜੀਤ ਸਿੰਘ ਬ੍ਰਹਮਪੁਰਾ ਦਾ ਪੰਜਾਬ ਦੀ ਸਿਆਸਤ ਵਿਚ ਵੱਡਾ ਨਾਮਨਾ ਸੀ। ਜਿਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਪਾਰਟੀ ਲਈ ਵੱਡੀ ਘਾਲਣਾ ਘਾਲੀ। ਆਓ ਇਕ ਝਾਤ ਮਾਰਦੇ ਹਾਂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਿਆਸੀ ਸਫ਼ਰ ’ਤੇ। ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਸਨ। ਜੋ ਬਾਦਲ ਸਰਕਾਰ ਦਰਮਿਆਨ ਦੋ ਵਾਰ ਪੇਂਡੂ ਵਿਕਾਸ ਮੰਤਰੀ ਵੀ ਰਹੇ ਸਨ। 2014 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਹਰਾਉਂਦੇ ਹੋਏ ਸੰਸਦ ਮੈਂਬਰ ਚੁਣੇ ਗਏ। ਰਣਜੀਤ ਸਿੰਘ ਬ੍ਰਹਮਪੁਰਾ ਲੰਮੇ ਸਮੇਂ ਤੱਕ ਪਾਰਟੀ ’ਚ ਸੀਨੀਅਰ ਮੈਂਬਰ ਅਤੇ ਸਰਪ੍ਰਸਤ ਵਜੋਂ ਸੇਵਾ ਨਿਭਾਉਂਦੇ ਰਹੇ। ਹਲਕੇ ’ਚ ਰਣਜੀਤ ਸਿੰਘ ਬ੍ਰਹਮਪੁਰਾ ਦੀ ਪੂਰੀ ਤੂਤੀ ਬੋਲਿਆ ਕਰਦੀ ਸੀ, ਜਿਨ੍ਹਾਂ ਨੂੰ ਮਾਝੇ ਦਾ ਜਰਨੈਲ ਵੀ ਕਿਹਾ ਜਾਂਦਾ ਸੀ।

2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਹਾਰ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਪਾਰਟੀ ਨਾਲ ਨਰਾਜ਼ਗੀ ਦੇ ਚੱਲਦੇ ਆਪਣੀ ਵੱਖਰੀ ਸਿਆਸੀ ਪਾਰਟੀ ਬਣਾ ਲਈ ਸੀ ਜੋ ਬੀਤੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਅਕਾਲੀ ਦਲ ’ਚ ਸ਼ਾਮਲ ਹੋ ਗਏ। ਬ੍ਰਹਮਪੁਰਾ ਵੱਲੋਂ ਇਲਾਕੇ ’ਚ ਕੀਤੀ ਗਈ ਵਰਕਰਾਂ ਦੀ ਸੇਵਾ ਕਾਰਨ ਲੋਕ ਉਨ੍ਹਾਂ ਨੂੰ ਬਾਪੂ ਜੀ ਕਹਿ ਕੇ ਬੁਲਾਉਂਦੇ ਸਨ। ਜੋ ਕਾਫ਼ੀ ਸਮੇਂ ਤੋਂ ਅਕਸਰ ਬਿਮਾਰ ਚੱਲ ਰਹੇ ਸਨ। ਬੀਤੇ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਪੀ.ਜੀ.ਆਈ. ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਮੰਗਲਵਾਰ ਦੁਪਹਿਰ ਉਨ੍ਹਾਂ ਦਾ ਦਿਹਾਂਤ ਹੋ ਗਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਬ੍ਰਹਮਪੁਰਾ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *