ਚੰਡੀਗੜ੍ਹ- ਭਾਰਤੀ ਜਨਤਾ ਪਰਾਟੀ ਨੇ ਕਾਂਗਰਸ ਤੋਂ ਆਏ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇਣ ਦਾ ਸਿਲਸਿਲਾ ਜਾਰੀ ਰੱਖਦਿਆਂ ਪੰਜਾਬ ਦੀ 15 ਮੈਂਬਰੀ ਸੂਬਾ ਚੋਣ ਕਮੇਟੀ ਵਿਚ 5 ਸਾਬਕਾ ਕਾਂਗਰਸੀਆਂ ਨੂੰ ਥਾਂ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਰਾਜ ਕੁਮਾਰ ਵੇਰਕਾ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਚੋਣ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਲੂ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਤੀਕਸ਼ਣ ਸੂਦ, ਹਰਜੀਤ ਗਰੇਵਾਲ, ਸਾਬਕਾ ਡੀ. ਜੀ. ਪੀ. ਸਰਬਜੀਤ ਸਿੰਘ ਵਿਰਕ ਅਤੇ ਮਹਿਲਾ ਮੋਰਚਾ ਦੀ ਪ੍ਰਧਾਨ ਮੀਨੂੰ ਸੇਠੀ ਵੀ ਚੋਣ ਕਮੇਟੀ ਵਿਚ ਸ਼ਾਮਲ ਹਨ।
ਇਸ ਕਮੇਟੀ ਵਿਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਪੰਜਾਬ ਇੰਚਾਰਜ ਵਿਜੇ ਰੂਪਾਣੀ ਅਤੇ ਪ੍ਰਦੇਸ਼ ਭਾਜਪਾ ਦੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਨੂੰ ਵਿਸ਼ੇਸ਼ ਸੱਦੇ ’ਤੇ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਸੂਬਾ ਚੋਣ ਕਮੇਟੀ ਅਤੇ ਅਨੁਸ਼ਾਸਨੀ ਕਮੇਟੀ ਦਾ ਐਲਾਨ ਕੀਤਾ ਹੈ। ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਵਿਚ ਵਿਨੋਦ ਸ਼ਰਮਾ, ਨਿਧੜਕ ਸਿੰਘ ਬਰਾੜ, ਕੇਵਲ ਕੁਮਾਰ, ਵਰਿੰਦਰ ਕੌਰ ਥਾਂਦੀ, ਡਾ. ਜਸਵਿੰਦਰ ਸਿੰਘ ਢਿੱਲੋਂ ਅਤੇ ਅਰੁਨੇਸ਼ ਸ਼ਾਕਰ ਨੂੰ ਸ਼ਾਮਲ ਕੀਤਾ ਗਿਆ ਹੈ।