ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਫੜੇ ਗਏ ਦੋਸ਼ੀਆਂ ਨੂੰ ਲੈ ਕੇ ਪੰਜਾਬ DGP ਗੌਰਵ ਯਾਦਵ ਦਾ ਹੁਣ ਤੱਕ ਦਾ ਵੱਡਾ ਖ਼ੁਲਾਸਾ

ਜਲੰਧਰ- ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਨੇ ਵੱਡਾ ਖ਼ੁਲਾਸਾ ਕਰਦੇ ਹੋਏ ਕਿਹਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਹੁਣ ਤਕ 35 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਪੁਲਸ ਇਸ ਮਾਮਲੇ ਨੂੰ ਸੰਭਾਲਣ ਵਿਚ ਪੂਰੀ ਤਰ੍ਹਾਂ ਸਮਰੱਥ ਹੈ। ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਸਬੰਧੀ ਹਰਿਆਣਾ, ਰਾਜਸਥਾਨ ਅਤੇ ਦਿੱਲੀ ਪੁਲਸ ਦੇ ਨਾਲ-ਨਾਲ ਕੇਂਦਰੀ ਏਜੰਸੀਆਂ ਨਾਲ ਬਿਹਤਰ ਤਾਲਮੇਲ ਬਣਾ ਕੇ ਉਪਰੋਕਤ 35 ਗ੍ਰਿਫ਼ਤਾਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਅਹਿਮ ਗੱਲ ਇਹ ਰਹੀ ਕਿ ਇਕ ਮੁਲਜ਼ਮ ਦੀਪਕ ਮੁੰਡੀ ਨੂੰ ਨੇਪਾਲ ਸਰਹੱਦ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਇਕ ਗੈਂਗਸਟਰ ਨੂੰ ਰਾਜਸਥਾਨ ਵਿਚ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। 2 ਗੈਂਗਸਟਰਾਂ ਨੂੰ ਅੰਮ੍ਰਿਤਸਰ ’ਚ ਪੰਜਾਬ ਪੁਲਸ ਨੇ ਢੇਰ ਕਰ ਦਿੱਤਾ। ਇਸ ਕਤਲ ਕਾਂਡ ਦੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ’ਚ ਸਮਰੱਥ ਹੈ ਅਤੇ ਉਸ ਨੇ ਅੱਤਵਾਦ ਨੂੰ ਖ਼ਤਮ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ’ਚ ਸੋਸ਼ਲ ਮੀਡੀਆ ਪ੍ਰਤੀ ਜਾਗਰੂਕਤਾ ਕਾਫ਼ੀ ਜ਼ਿਆਦਾ ਹੈ, ਇਸ ਲਈ ਲੋਕ ਸਰਕਾਰ ਅਤੇ ਪੁਲਸ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਜਾਗਰੂਕ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੂੰ ਆਉਣ ਵਾਲੇ ਸਮੇਂ ਵਿਚ ਸਰਕਾਰ ਤੋਂ ਵਾਧੂ ਫੰਡ ਮਿਲਣਗੇ, ਜਿਸ ਨਾਲ ਪੁਲਸ ਫੋਰਸ ਦੇ ਆਧੁਨਿਕੀਕਰਨ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਠੋਸ ਕਦਮ ਚੁੱਕੇ ਜਾਣਗੇ। ਉਨ੍ਹਾਂ ਦੱਸਿਆ ਕਿ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਬਣਾਇਆ ਹੋਇਆ ਹੈ ਅਤੇ ਸਮੇਂ-ਸਮੇਂ ’ਤੇ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਦਰਮਿਆਨ ਸੂਚਨਾਵਾਂ ਦਾ ਅਦਾਨ-ਪ੍ਰਦਾਨ ਹੁੰਦਾ ਰਹਿੰਦਾ ਹੈ, ਜਿਸ ਕਾਰਨ ਵੱਖ-ਵੱਖ ਅਪਰਾਧਾਂ ਵਿਚ ਸ਼ਾਮਲ ਮੁਲਜ਼ਮਾਂ ਨੂੰ ਕਾਬੂ ਕਰਨ ’ਚ ਮਦਦ ਮਿਲ ਰਹੀ ਹੈ।

Leave a Reply

Your email address will not be published. Required fields are marked *