ਚੰਡੀਗੜ੍ਹ : ਕੇਂਦਰ ਸਰਕਾਰ ਦੀ ਜੜ੍ਹਾਂ ਹਿਲਾਉਣ ਵਾਲੇ ਲਗਭਗ ਡੇਢ ਸਾਲ ਤੱਕ ਚੱਲੇ ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਯੋਜਨਾ ਬਣਾ ਰਿਹਾ ਹੈ। ਦਰਅਸਲ ਅਧਿਆਪਕ ਐਸੋਸੀਏਸ਼ਨਾਂ ਲੰਮੇ ਸਮੇਂ ਤੋਂ ਇਸ ਸੰਘਰਸ਼ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਦੀ ਮੰਗ ਕਰ ਰਹੀਆਂ ਹਨ। ਇਸ ਸਬੰਧੀ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਇਕ ਵਫ਼ਦ ਨੇ ਸ਼ਨੀਵਾਰ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨਾਲ ਮੁਲਾਕਾਤ ਕੀਤੀ ਸੀ। ਫਰੰਟ ਦੇ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਅੰਦੋਲਨ ਨੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਸਾਹਮਣਾ ਕੀਤਾ, ਵਿਦਿਆਰਥੀਆਂ ਨੂੰ ਇਸ ਬਾਰੇ ਪੜ੍ਹ ਕੇ ਇਕਜੁੱਟ ਹੋਣ ਦੀ ਤਾਕਤ ਤੇ ਨਾਗਰਿਕਾਂ ਦੇ ਲੋਕਤੰਤਰਿਕ ਹੱਕਾਂ ਬਾਰੇ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੰਜਾਬ ਦੇ ਵਰਤਮਾਨ ਇਤਿਹਾਸ ਦਾ ਸਭ ਤੋਂ ਜ਼ਿਕਰਯੋਗ ਅਧਿਆਏ ਹੈ। ਯਾਦ ਰਹੇ ਕਿ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਸਨ।
ਅਧਿਆਪਕਾਂ ਨੇ ਕਈ ਹੋਰ ਉੱਘੀਆਂ ਹਸਤੀਆਂ ਜਿਨ੍ਹਾਂ ਵਿਚ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਡਾ. ਬੀ.ਆਰ. ਅੰਬੇਡਕਰ, ਬਾਬਾ ਜੀਵਨ ਸਿੰਘ, ਸਾਵਿੱਤਰੀ ਫੂਲੇ, ਮਾਈ ਭਾਗੋ ਤੇ ਚਾਰ ਸਾਹਿਬਜ਼ਾਦੇ ਸ਼ਾਮਲ ਹਨ, ਦੇ ਜੀਵਨ ਅਤੇ ਵਿਚਾਰ ਵੀ ਸਕੂਲ ਪਾਠਕ੍ਰਮ ਵਿਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਮੁੱਦੇ ’ਤੇ ਨਿਰਪੱਖ ਨਜ਼ਰੀਏ ਲਈ ਵਿਦਵਾਨਾਂ-ਮਾਹਿਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ। ਕੋਈ ਵੀ ਫ਼ੈਸਲਾ ਲੈਣ ਤੋਂ ਪਹਿਲਾਂ ਇਹ ਦੇਖਿਆ ਜਾਵੇਗਾ ਕਿ ਕੀ ਕਿਸਾਨ ਅੰਦੋਲਨ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਨਾਲ ਵਿਦਿਆਰਥੀਆਂ ਨੂੰ ਲਾਭ ਹੋਵੇਗਾ। ਇਸ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਵੇਗਾ।