ਚੰਡੀਗੜ੍ਹ, 27 ਜੁਲਾਈ (ਦਲਜੀਤ ਸਿੰਘ)- ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ।
ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕਰਨ ਲਈ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਿਰੰਤਰ ਚੱਲ ਰਹੀ ਹੜਤਾਲ ‘ਤੇ ਚਿੰਤਾ ਜ਼ਾਹਰ ਕੀਤੀ ਜਿਸ ਕਾਰਨ ਵੱਖੋ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਉਤੇ ਮਾੜਾ ਅਸਰ ਪਿਆ ਹੈ।
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਨਜ਼ਰਸਾਨੀ ਕਰਨ ਲਈ ਅਫਸਰਾਂ ਦੀ ਇਕ ਕਮੇਟੀ ਬਣਾਈ ਸੀ।
ਇਸ ਕਮੇਟੀ ਨੇ ਵਿਸਥਾਰ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਦਾ ਅਧਿਐਨ ਕੀਤਾ ਅਤੇ ਆਪਣੀ ਰਿਪੋਰਟ ਪੇਸ਼ ਕੀਤੀ। ਇਹ ਪਾਇਆ ਗਿਆ ਕਿ ਮੁਲਾਜ਼ਮਾਂ ਦੁਆਰਾ ਚੁੱਕੀਆਂ ਗਈਆਂ ਕੁੱਝ ਮੰਗਾਂ ਦਾ ਸਬੰਧ ਸਾਲ 2006 ਤੋਂ ਪਹਿਲਾਂ ਦੇ ਸਰਕਾਰ ਦੁਆਰਾ ਕੀਤੇ ਗਏ ਫੈਸਲਿਆਂ ਨਾਲ ਹੈ ਅਤੇ ਇਨ੍ਹਾਂ ਦਾ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਦੀਆਂ ਸਿਫਾਰਸ਼ਾਂ ਉਤੇ ਆਧਾਰਿਤ ਕਰ ਕੇ ਇਨ੍ਹਾਂ ਮੰਗਾਂ ਨੂੰ ਵੱਖਰੇ ਤੌਰ ‘ਤੇ ਵਿਚਾਰਿਆ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਅੰਤਰ ਵਿਭਾਗ ਅਤੇ ਵਿਭਾਗ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਕੁੱਝ ਮੰਗਾਂ ਦਾ ਨਿਪਟਾਰਾ ਪਰਸੋਨਲ ਤੇ ਵਿੱਤ ਵਿਭਾਗਾਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤਾ ਜਾਵੇਗਾ।