ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤੀ ਦੇ ਰੌਂਅ ਵਿੱਛ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਅਫਸਰਾਂ ਨਾਲ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਮੀਟਿੰਗ ਵਿੱਚ ਫਰੌਤੀ ਮੰਗਣ ਵਾਲੀਆਂ ਫੋਨ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੁਲਿਸ ਨੂੰ ਫਿਰੌਤੀ ਸਬੰਧੀ ਕਾਲਾਂ ‘ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਦੀ ਤਿਆਰੀ ‘ਚ ਹੈ। ਇਹ ਵੀ ਪਤਾ ਲੱਗਾ ਹੈ ਕਿ ਸਰਕਾਰ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਅਟੈਚ ਕਰੇਗੀ। ਨਸ਼ਾ ਤਸਕਰੀ ਦੇ ਗੰਭੀਰ ਮਾਮਲਿਆਂ ਵਿੱਚ ਜਾਇਦਾਦ ਕੁਰਕੀ ‘ਤੇ ਵੀ ਵਿਚਾਰ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਨਸ਼ਿਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਸੋਧ ਕਰਨ ’ਤੇ ਵੀ ਵਿਚਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਲਈ ਮਤੇ ਪਾਸ ਕਰਨਗੀਆਂ। ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਕਾਰ ਗ੍ਰਾਂਟ ਦੇਵੇਗੀ। ਇਸੇ ਤਰ੍ਹਾਂ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ ਐਸਐਚਓ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।