ਚੰਡੀਗੜ੍ਹ : ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਨਵੇਂ ਸਾਲ ਦਾ ਸੰਕਲਪ ਲੈਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਸਮੂਹ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਪੱਤਰ ਲਿਖਿਆ ਹੈ।
ਲਗਪਗ 350 ਅਧਿਕਾਰੀਆਂ ਨੂੰ ਉਸਦੇ ਹਸਤਾਖਰ ਕੀਤੇ ਪੱਤਰਾਂ ‘ਚ ਰਾਜਪਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਦੁਹਰਾਇਆ ਕਿ “ਪ੍ਰਸ਼ਾਸਨ ਵਿਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਸਰਕਾਰ ‘ਚ ਸੇਵਾ ਕਰ ਰਹੇ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ”।
ਅਧਿਕਾਰੀਆਂ ਨੂੰ ਲਿਖੇ ਇਕ ਪੱਤਰ ਵਿਚ ਰਾਜਪਾਲ ਨੇ ਲਿਖਿਆ ਹੈ, “ਮੈਂ ਚਾਹੁੰਦਾ ਹਾਂ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਇਹਨਾਂ ਹਦਾਇਤਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ, ਜੋ ਕਿ ਸਮੇਂ ਦੀ ਲੋੜ ਹੈ। ਉਮੀਦ ਹੈ ਕਿ ਤੁਹਾਡੇ ਵਿੱਚੋਂ ਹਰ ਇਕ ਇਹ ਸੰਦੇਸ਼ ਤੁਹਾਡੇ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਤਕ ਵੀ ਪਹੁੰਚਾਏਗਾ।” ਰਾਜਪਾਲ ਵੱਲੋਂ ਅਧਿਕਾਰੀਆਂ ਨੂੰ ਲਿਖੇ ਪੱਤਰ ਦੇ ਨਾਲ ‘ਵਿਜੀਲੈਂਸ ਜਾਗਰੂਕਤਾ ਹਫ਼ਤੇ’ ਸਬੰਧੀ ਪ੍ਰਧਾਨ ਮੰਤਰੀ ਦੇ ਸੰਬੋਧਨ ਦੀ ਕਾਪੀ ਨੱਥੀ ਕੀਤੀ ਗਈ ਹੈ।