ਅੰਮ੍ਰਿਤਸਰ – ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਇੱਥੇ ਪਾਠ ਆਰੰਭ ਕਰਾਏ ਗਏ ਹਨ ਅਤੇ ਉਹ ਸਾਰਾ ਪਰਿਵਾਰ ਤਿੰਨ ਦਿਨ ਇੱਥੇ ਰਹਿ ਕੇ ਸੇਵਾ ਕਰਨਗੇ। ਬੀਤੇ ਦਿਨ ਐੱਸ. ਵਾਈ. ਐੱਲ. ਮੁੱਦੇ ‘ਤੇ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦਰਮਿਆਨ ਹੋਈ ਮੀਟਿੰਗ ‘ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਨਾ ਤਾਂ ਪੰਜਾਬ ਕੋਲ ਜ਼ਮੀਨ ਹੈ ਨਾ ਹੀ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਫਿਰ ਮੀਟਿੰਗ ਕਰਨ ਦਾ ਕੀ ਫ਼ਾਇਦਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਘਰ ਦੀਆਂ ਗੋਲਕਾਂ ਨੂੰ ਲੈ ਕੇ ਦਿੱਤੇ ਬਿਆਨ ‘ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਦੇ ਵਿਵਾਦਤ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਾਇਦ ਭਗਵੰਤ ਮਾਨ ਨੂੰ ਗੁਰੂ ਘਰ ਦੀ ਮਰਿਆਦਾ ਦਾ ਨਹੀਂ ਪਤਾ।