ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ; ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ

ਚੰਡੀਗੜ੍ਹ : ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਮੌਤਾਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਖ਼ਾਸਕਰ ਰਾਹਗੀਰਾਂ ਨੂੰ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਉਣੀ ਪਵੇਗੀ ਅਤੇ ਇੱਕ ਹਫ਼ਤੇ ਦੀ ਬਜਾਏ ਸਾਰਾ ਸਾਲ ਖ਼ੁਦ ਨੂੰ ਸੜਕ ਸੁਰੱਖਿਆ ਨੂੰ ਸਮਰਪਿਤ ਕਰਨਾ ਪਵੇਗਾ।

ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਮਨਾਉਣ ਦੇ ਫ਼ੈਸਲੇ ਤਹਿਤ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਉਲੀਕੇ ਪ੍ਰੋਗਰਾਮ ਦਾ ਆਗ਼ਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਵੱਡੇ ਅਤੇ ਘਾਤਕ ਸੜਕ ਹਾਦਸੇ ਦਸੰਬਰ ਤੋਂ ਫ਼ਰਵਰੀ ਤੱਕ ਧੁੰਦ ਦੇ ਮੌਸਮ ਦੌਰਾਨ ਵਾਪਰਦੇ ਹਨ, ਜਿਨ੍ਹਾਂ ਨੂੰ ਘਟਾਉਣਾ ਵੱਡੀ ਚੁਣੌਤੀ ਹੈ ਅਤੇ ਇਸ ਲਈ ਵਿਸ਼ੇਸ਼ ਮੁਹਿੰਮ ਦੀ ਲੋੜ ਹੈ। ਉਨ੍ਹਾਂ ਟ੍ਰੈਫ਼ਿਕ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ ‘ਤੇ ਖੜ੍ਹੇ ਵੱਡੇ ਵਾਹਨਾਂ ਦੇ ਚਲਾਨ ਕੀਤੇ ਜਾਣ।

Leave a Reply

Your email address will not be published. Required fields are marked *