ਸ੍ਰੀ ਮੁਕਤਸਰ ਸਾਹਿਬ – ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਣ ਵਾਲਾ ਮੇਲਾ ਮਾਘੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮਾਘੀ ਇਸ਼ਨਾਨ ਦੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਸੰਗਤਾਂ ਦੀ ਆਮਦ 13 ਅਤੇ 14 ਜਨਵਰੀ ਦੀ ਦਰਮਿਆਨੀ ਰਾਤ ਹੀ ਸ਼ੁਰੂ ਹੋ ਗਈ ਸੀ। ਰਾਤ 12 ਵਜੇ ਤੋਂ ਬਾਅਦ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਪਵਿੱਤਰ ਸਰੋਵਰ ਵਿਖੇ ਇਸ਼ਨਾਨ ਸ਼ੁਰੂ ਕਰ ਦਿੱਤਾ। ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ, ਜਿਨ੍ਹਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਸੰਗਤ ਦੀ ਆਮਦ ਨੂੰ ਵੇਖ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਮੁੱਖ ਮਾਰਗਾਂ ’ਤੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਸੰਗਤ ਵੱਲੋਂ ਲੰਗਰ ਲਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲ ਰਹੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤ ਦੀਆਂ ਬੀਤੀ ਰਾਤ ਬਾਰਾਂ ਵਜੇ ਤੋਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਸੱਤ ਗੇਟਾ ਉੱਤੇ ਪੁਲਿਸ ਪ੍ਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੱਤ ਗੇਟਾਂ ’ਤੇ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਸਹਾਇਤਾ ਕੇਂਦਰ ਬਣਾਏ ਗਏ ਹਨ ਉਥੇ ਹੀ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ’ਤੇ ਵੱਡੀ ਗਿਣਤੀ ’ਚ ਸੰਗਤ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਬੀਤੀ ਦੇਰ ਰਾਤ ਤੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਵਾਲਿਆਂ ਦੀ ਗਿਣਤੀ ਦਿਨ ਚੜ੍ਹਦਿਆਂ ਹੋਰ ਵਧਦੀ ਗਈ।
ਪਵਿੱਤਰ ਸਰੋਵਰ ਵਿਚ ਆਸਥਾ ਦੀ ਇਹ ਡੁਬਕੀ ਕੜਾਕੇ ਦੀ ਠੰਢ ਤੇ ਭਾਰੀ ਪੈਂਦੀ ਨਜ਼ਰ ਆਈ। ਵੱਡੀ ਗਿਣਤੀ ’ਚ ਸ੍ਰੀ ਮੁਕਤਸਰ ਸਾਹਿਬ ਪਹੁੰਚੀਆਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਮਾਤਾ ਭਾਗ ਕੌਰ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਰਕਾਬ ਗੰਜ ਸਾਹਿਬ, ਗੁਰਦੁਆਰਾ ਦਾਤਣਸਰ ਸਾਹਿਬ ਗੁਰਦੁਆਰਾ ਤਰਨ ਤਾਰਨ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। 12 ਜਨਵਰੀ ਤੋਂ ਆਰੰਭ ਹੋਏ ਮੇਲੇ ਸਬੰਧੀ ਧਾਰਮਿਕ ਸਮਾਗਮਾਂ ਦੀ ਸਮਾਪਤੀ 15 ਜਨਵਰੀ ਨੂੰ ਹੋਵੇਗੀ। 15 ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਗੁਰਦੁਆਰਾ ਟਿੱਬੀ ਸਾਹਿਬ ਤੱਕ ਨਗਰ ਕੀਰਤਨ ਸਜਾਏ ਜਾਣਗੇ। ਇਸ ਮੌਕੇ ਪਹੁੰਚੀਆਂ ਹੋਈਆਂ ਸੰਗਤਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਚੱਪੇ ਚੱਪੇ ’ਤੇ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਨੇ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।