ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ

ਚੰਡੀਗ਼ੜ੍ਹ/ਜ਼ੀਰਾ- ਪੰਜਾਬ ਸਰਕਾਰ ਨੇ ਗਲੇ ਦੀ ਹੱਡੀ ਬਣੀ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ’ਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ਵਿਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

ਅੱਜ ਧਰਨੇ ’ਚ ਪਹੁੰਚੀ ਸੀ ਹਾਈਕੋਰਟ ਵੱਲੋਂ ਗਠਿਤ ਜਸਟਿਸ ਆਰ.ਕੇ. ਨਹਿਰੂ ਦੀ ਕਮੇਟੀ
ਸ਼ਰਾਬ ਫੈਕਟਰੀ ਪਿੰਡ ਮਨਸੂਰਵਾਲ ਕਲਾਂ (ਜ਼ੀਰਾ) ਸਬੰਧੀ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਜਸਟਿਸ ਆਰ. ਕੇ. ਨਹਿਰੂ ਅਧਾਰਤ ਕਮੇਟੀ ਜਿਸ ਵਲੋਂ ਧਰਨੇ, ਸ਼ਰਾਬ ਫੈਕਟਰੀ ਕਿਸਾਨਾਂ ਨੂੰ ਹੋ ਰਹੇ ਵਿੱਤੀ ਨੁਕਸਾਨ ਆਦਿ ਬਾਰੇ ਜਾਣਕਾਰੀ ਲੈਣ ਲਈ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ ਮਨਸੂਰਵਾਲ ਕਲਾਂ (ਸ਼ਰਾਬ ਫੈਕਟਰੀ ਜ਼ੀਰਾ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕਮੇਟੀ ਮੈਂਬਰ ਐਡਵੋਕੇਟ ਬੱਬਰ ਭਾਨ ਸਮੇਤ ਹੋਰ ਸਰਕਾਰੀ ਤੇ ਗੈਰ ਸਰਕਾਰੀ ਮੈਂਬਰਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ, ਐੱਸ. ਐੱਸ. ਪੀ. ਕੰਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ, ਐੱਸ. ਡੀ. ਐੱਮ. ਜ਼ੀਰਾ ਗਗਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਜਸਟਿਸ (ਰਿਟਾ.) ਆਰ. ਕੇ. ਨਹਿਰੂ ਅਤੇ ਕਮੇਟੀ ਮੈਂਬਰਾਂ ਵੱਲੋਂ ਇਲਾਕੇ ਦੇ ਲੋਕਾਂ, ਕਿਸਾਨ, ਜਥੇਬੰਦੀਆਂ, ਕਿਸਾਨਾਂ ਦੇ ਵਕੀਲਾਂ ਅਤੇ ਫੈਕਟਰੀ ਦੇ ਅਧਿਕਾਰੀਆ ਆਦਿ ਤੋਂ ਜਾਣਕਾਰੀ ਲਈ ਅਤੇ ਉਪਰੋਕਤ ਧਿਰਾਂ ਦੇ ਬਿਆਨ ਕਲਮਬੱਧ ਕੀਤੇ।

ਇਸ ਮੌਕੇ ਜਸਟਿਸ (ਰਿਟਾ.) ਆਰ. ਕੇ. ਨਹਿਰੂ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਜ਼ੀਰਾ ਵਿਖੇ ਸਥਿਤ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਿਟਡ (ਸ਼ਰਾਬ ਫੈਕਟਰੀ) ਦਾ ਦੌਰਾ ਕੀਤਾ ਗਿਆ ਹੈ ਅਤੇ ਇਥੋਂ ਦੇ ਕਿਸਾਨਾਂ, ਇਲਾਕਾ ਨਵਾਸੀਆਂ ਤੇ ਫੈਕਟਰੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੀ ਸ਼ਾਮ ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਾਮਲੇ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਨੇ ਦੱਸਿਆ ਕਿ ਉਹ ਜਲਦੀ ਹੀ ਆਪਣੀ ਰਿਪੋਰਟ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਸੌਂਪਣਗੇ।

Leave a Reply

Your email address will not be published. Required fields are marked *