ਨਵੀਂ ਦਿੱਲੀ, 25 ਜਨਵਰੀ- ਲਖੀਮਪੁਰ ਖ਼ੀਰੀ ਹਿੰਸਾ ਮਾਮਲੇ ਵਿਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ 8 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਵਲੋਂ ਇਹ ਜ਼ਮਾਨਤ ਇਸ ਸ਼ਰਤ ’ਤੇ ਦਿੱਤੀ ਗਈ ਹੈ ਕਿ ਉਹ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਐੱਨ.ਸੀ.ਟੀ. ’ਚ ਨਹੀਂ ਰਹੇਗਾ ਅਤੇ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਇਕ ਹਫ਼ਤੇ ਬਾਅਦ ਉੱਤਰ ਪ੍ਰਦੇਸ਼ ਛੱਡ ਜਾਵੇਗਾ।
ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਉਸ ਦੇ ਟਿਕਾਣੇ ਬਾਰੇ ਸੰਬੰਧਤ ਅਦਾਲਤ ਨੂੰ ਸੂਚਿਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਸ਼ੀਸ਼ ਮਿਸ਼ਰਾ ਜਾਂ ਉਸ ਦੇ ਪਰਿਵਾਰ ਵਲੋਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਅਤੇ ਮੁਕੱਦਮੇ ਵਿਚ ਦੇਰੀ ਕਰਨ ਦੀ ਕੋਸ਼ਿਸ਼ ਕਰਨ ਨਾਲ ਉਸ ਦੀ ਜ਼ਮਾਨਤ ਰੱਦ ਹੋ ਸਕਦੀ ਹੈ।