ਸ਼ਿਮਲਾ- ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬੁੱਧਵਾਰ ਨੂੰ ਸੰਸਦ ‘ਚ ਪੇਸ਼ ਕੀਤਾ ਗਿਆ ਸਾਲਾਨਾ ਬਜਟ 2023-24 ਨਿਰਾਸ਼ਾਜਨਕ ਅਤੇ ਆਮ ਜਨਤਾ ਦੀਆਂ ਉਮੀਦਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਸਿਰਫ਼ ਅੰਕੜਿਆਂ ਦਾ ਭੁਲੇਖਾ ਹੈ। ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਮੱਧ ਵਰਗ, ਗਰੀਬ, ਨੌਜਵਾਨਾਂ ਅਤੇ ਕਿਸਾਨਾਂ ਲਈ ਇਸ ਬਜਟ ਵਿਚ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਕਾਬੂ ਕਰਨ ਲਈ ਬਜਟ ‘ਚ ਕੁਝ ਨਹੀਂ ਕੀਤਾ ਗਿਆ ਅਤੇ ਇਹ ਪੂਰੀ ਤਰ੍ਹਾਂ ਨਿਰਾਸ਼ਾਜਨਕ ਅਤੇ ਸਿਰਫ਼ ਇਕ ਧੋਖਾ ਹੈ।
ਸੁੱਖੂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੇ ਲੋਕ 2024 ‘ਚ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਕੀਤੇ ‘ਅੱਛੇ ਦਿਨ’ ਦੇ ਵਾਅਦੇ ਦੀ ਪੂਰਤੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰੁਜ਼ਗਾਰ ਸਿਰਜਣ ਲਈ ਬਜਟ ‘ਚ ਕੋਈ ਵਿਵਸਥਾ ਨਹੀਂ ਹੈ ਅਤੇ ਸ਼ਹਿਰੀ ਰੁਜ਼ਗਾਰ ਦਾ ਕਿਤੇ ਵੀ ਜ਼ਿਕਰ ਨਹੀਂ ਹੈ। ਕਿਸਾਨਾਂ ਲਈ ਕਰਜ਼ਾ ਸੀਮਾ ਵਧਾਉਣ ਤੋਂ ਇਲਾਵਾ ਕੁਝ ਨਹੀਂ ਹੈ। ਇਸ ਨਾਲ ਕਿਸਾਨਾਂ ‘ਤੇ ਕਰਜ਼ੇ ਦੀ ਦੇਣਦਾਰੀ ਦਾ ਬੋਝ ਹੀ ਵਧੇਗਾ।
ਉਨ੍ਹਾਂ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ ਖੇਤੀ ਸੰਦਾਂ ਅਤੇ ਖਾਦਾਂ ’ਤੇ ਸਬਸਿਡੀ ਦੇਣ ਦਾ ਕੋਈ ਐਲਾਨ ਨਹੀਂ ਹੈ। ਇਸ ਤੋਂ ਇਲਾਵਾ ਮਨਰੇਗਾ ਵਿਚ ਕੋਈ ਵਾਧੂ ਵਿਵਸਥਾ ਨਹੀਂ ਕੀਤੀ ਗਈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਇਸ ਬਜਟ ਵਿਚ ਪੇਂਡੂ ਖੇਤਰਾਂ ਵਿਚ ਰੁਜ਼ਗਾਰ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਜਟ 2023-24 ਵਿਚ ਹਿਮਾਚਲ ਪ੍ਰਦੇਸ਼ ਦੇ ਵਿਕਾਸ ਲਈ ਕੁਝ ਨਹੀਂ ਹੈ।