ਕਰਨਾਲ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਇਕ ਵਾਰ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਦਾਦੂਵਾਲ ਨੇ ਕਿਹਾ ਕੇ ਹਰਿਆਣਾ ਸੂਬੇ ਵਿਚ ਸਥਿਤ ਇਤਿਹਾਸਕ ਗੁਰਦੁਆਰਿਆਂ, ਗੁਰਧਾਮਾਂ ਦੀ ਸੇਵਾ-ਸੰਭਾਲ ਕਰਨ ਵਾਸਤੇ ਹਰਿਆਣਾ ਸਰਕਾਰ ਵਲੋਂ ਗੁਰਦੁਆਰਾ ਐਕਟ 2014 ਬਣਾ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਲਿਆਂਦੀ ਗਈ ਸੀ, ਜਿਸ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਰਿਟ ਪਟੀਸ਼ਨ ਦਾਖ਼ਲ ਕੀਤੀ ਸੀ।
ਇਸ ਦਾ ਫ਼ੈਸਲਾ ਸੁਪਰੀਮ ਕੋਰਟ ਨੇ 20 ਸਤੰਬਰ 2022 ਨੂੰ ਹਰਿਆਣਾ ਕਮੇਟੀ ਦੇ ਹੱਕ ਵਿਚ ਦਿੱਤਾ ਤੇ ਪਟੀਸ਼ਨ ਖਾਰਿਜ ਕਰ ਦਿੱਤੀ। ਸ਼੍ਰੋਮਣੀ ਕਮੇਟੀ ਵਲੋਂ ਮੁੜ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖ਼ਲ ਕੀਤੀ, ਜੋ 4 ਫਰਵਰੀ 2023 ਨੂੰ ਖਾਰਿਜ ਕਰ ਦਿੱਤੀ ਗਈ ਹੈ। ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਤੌਰ ’ਤੇ ਕਾਨੂੰਨੀ ਮਾਨਤਾ ਪ੍ਰਾਪਤ ਹੋ ਗਈ ਹੈ, ਜੋ ਗੁਰਦੁਆਰਿਆਂ ਦੀ ਸੇਵਾ-ਸੰਭਾਲ ਕਾਨੂੰਨੀ ਤੌਰ ’ਤੇ ਕਰ ਸਕਦੀ ਹੈ।