ਵੱਡੀ ਖ਼ਬਰ : ਪੁਲਸ ਨਾਲ ਟਕਰਾਅ ਮਗਰੋਂ ‘ਕੌਮੀ ਇਨਸਾਫ਼ ਮੋਰਚੇ’ ਦੇ ਮੈਂਬਰਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤਹਿਤ ਮਾਮਲਾ ਦਰਜ

ਚੰਡੀਗੜ੍ਹ-ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਬੀਤੇ ਦਿਨ ਪੁਲਸ ਨਾਲ ਟਕਰਾਅ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਦੇ ਮੈਂਬਰਾਂ ਖ਼ਿਲਾਫ਼ ਧਾਰਾ-307 ਤਹਿਤ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐੱਫ. ਆਈ. ਆਰਜ਼ ਚੰਡੀਗੜ੍ਹ ਅਤੇ ਮੋਹਾਲੀ ਦੇ ਮਟੌਰ ਥਾਣੇ ‘ਚ ਦਰਜ ਕੀਤੀ ਗਈਆਂ ਹਨ। ਚੰਡੀਗੜ੍ਹ ਪੁਲਸ ਵੱਲੋਂ ਜੋ ਪਰਚਾ ਦਰਜ ਕੀਤਾ ਗਿਆ ਹੈ, ਉਸ ‘ਚ ਗੁਰਚਰਨ ਸਿੰਘ, ਬਲਵਿੰਦਰ ਸਿੰਘ, ਦਿਲਸ਼ੇਰ ਸਿੰਘ ਜੰਡਿਆਲਾ ਅਤੇ ਜਸਵਿੰਦਰ ਸਿੰਘ ਰਾਜਪੁਰਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ 20 ਹੋਰ ਸ਼ੱਕੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਧਾਰਾ-147, 148, 149, 186, 332, 335 ਅਤੇ ਆਰਮਜ਼ ਐਕਟ ਦੇ ਤਹਿਤ ਦਰਜ ਕੀਤਾ ਗਿਆ ਹੈ।ਜਾਣਕਾਰੀ ਮੁਤਾਬਕ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਤੇ ਆਈ. ਜੀ. ਗੁਰਪ੍ਰੀਤ ਭੁੱਲਰ ਹਿੰਸਕ ਝੜਪ ਦੌਰਾਨ ਜ਼ਖਮੀ ਹੋਏ ਪੁਲਸ ਮੁਲਾਜ਼ਮਾਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ, ਜੋ ਕਿ ਮੋਹਾਲੀ ਦੇ ਫੇਜ਼-6 ਹਸਪਤਾਲ ਵਿਖੇ ਦਾਖ਼ਲ ਹਨ।

ਪੁਲਸ ਅਧਿਕਾਰੀਆਂ ਨੇ ਕਿਹਾ ਕਿ ਬੀਤੇ ਦਿਨ ਹੋਈ ਹਿੰਸਕ ਝੜਪ ਤੋਂ ਬਾਅਦ ‘ਕੌਮੀ ਇਨਸਾਫ਼ ਮੋਰਚੇ’ ਦੇ ਮੈਂਬਰਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ ਅਤੇ ਜਲਦ ਹੀ ਗ੍ਰਿਫ਼ਤਾਰੀਆਂ ਵੀ ਕੀਤੀਆਂ ਜਾਣਗੀਆਂ। ਦੱਸਣਯੋਗ ਹੈ ਕਿ ‘ਕੌਮੀ ਇਨਸਾਫ਼ ਮੋਰਚੇ’ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਧਰਨਾ ਲਾਇਆ ਹੋਇਆ ਹੈ। ਬੀਤੇ ਦਿਨ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ ਪੁਲਸ ਦਾ ਉਨ੍ਹਾਂ ਨਾਲ ਟਕਰਾਅ ਹੋ ਗਿਆ ਅਤੇ ਕਈ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ ਸਨ।

Leave a Reply

Your email address will not be published. Required fields are marked *