ਜਲੰਧਰ- ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਗੌਰਵ ਯਾਦਵ ਦੇ ਹੁਕਮਾਂ ’ਤੇ ਸੂਬੇ ਭਰ ਵਿਚ ਚੱਲ ਰਹੇ ਆਪ੍ਰੇਸ਼ਨ ਕਾਸੋ ਤਹਿਤ ਮੰਗਲਵਾਰ ਜਲੰਧਰ ਸ਼ਹਿਰ ਵਿਚ ਵੀ ਏ. ਡੀ. ਜੀ. ਪੀ. ਆਰ. ਕੇ. ਜਾਇਸਵਾਲ ਅਤੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਵਿਚ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨੇ ਭਾਰੀ ਪੁਲਸ ਫੋਰਸ ਸਮੇਤ ਡਰੱਗਜ਼ ਦੇ ਹਾਟਸਪਾਟ ਮੰਨੇ ਜਾਣ ਵਾਲੇ ਇਲਾਕੇ ਕਾਜ਼ੀ ਮੰਡੀ, ਸੰਤੋਸ਼ੀ ਨਗਰ, ਭੀਮ ਨਗਰ, ਧਾਨਕੀਆ ਮੁਹੱਲਾ ਅਤੇ ਉਸਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਵੀ ਘੇਰਾਬੰਦੀ ਕਰਕੇ ਕਈ ਨਸ਼ਾ ਸਮੱਗਲਰਾਂ ਅਤੇ ਸ਼ੱਕੀ ਲੋਕਾਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ। ਭਾਰੀ ਪੁਲਸ ਫੋਰਸ ਨੂੰ ਦੇਖ ਕੇ ਕਾਜ਼ੀ ਮੰਡੀ ਅਤੇ ਉਸਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿਚ ਹੜਕੰਪ ਮਚ ਗਿਆ। ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿਚ ਪੁਲਸ ਮੁਲਾਜ਼ਮਾਂ ਨੇ ਕਾਜ਼ੀ ਮੰਡੀ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਤਾਂ ਕਿ ਪੁਲਸ ਦੀ ਕਾਰਵਾਈ ਦੌਰਾਨ ਕੋਈ ਨਸ਼ਾ ਸਮੱਗਲਰ ਜਾਂ ਸ਼ੱਕੀ ਵਿਅਕਤੀ ਭੱਜ ਨਾ ਸਕੇ। ਇਸ ਦੇ ਨਾਲ ਹੀ ਸ਼ਹਿਰ ਦੇ ਸਾਰੇ ਥਾਣਾ ਇੰਚਾਰਜਾਂ ਨੇ ਆਪਣੇ-ਆਪਣੇ ਇਲਾਕਿਆਂ ਵਿਚ ਵੀ ਨਸ਼ਾ ਸਮੱਗਲਰਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਸਰਚ ਮੁਹਿੰਮ ਚਲਾਈ।
ਸੀ. ਪੀ. ਚਾਹਲ ਨੇ ਦੱਸਿਆ ਕਿ ਆਪ੍ਰੇਸ਼ਨ ਕਾਸੋ ਨੂੰ ਜਲੰਧਰ ਵਿਚ ਵੀ ਭਾਰੀ ਸਫਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਆਪ੍ਰੇਸ਼ਨ ਕਾਸੋ ਦੌਰਾਨ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੋਂ 20 ਸਮੱਗਲਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਨਸ਼ੇ ਵਾਲਾ ਪਾਊਡਰ, ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰਨ ਦੇ ਨਾਲ-ਨਾਲ 19 ਲੋਕਾਂ ’ਤੇ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਨਸ਼ਾ ਅਤੇ ਜੁਰਮ-ਮੁਕਤ ਬਣਾਉਣਾ ਹੀ ਉਨ੍ਹਾਂ ਦਾ ਟੀਚਾ ਹੈ। ਚਾਰਜ ਸੰਭਾਲਣ ਤੋਂ ਬਾਅਦ ਹੀ ਉਨ੍ਹਾਂ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸ਼ਹਿਰ ਬਾਰੇ ਜਾਣਕਾਰੀ ਹਾਸਲ ਕਰਕੇ ਨਾਜਾਇਜ਼ ਧੰਦਾ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਾਜ਼ੀ ਮੰਡੀ ਅਤੇ ਉਸ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿਚ ਨਸ਼ਿਆਂ ਦਾ ਨਾਜਾਇਜ਼ ਕਾਰੋਬਾਰ ਹੁੰਦਾ ਹੈ। ਇਸ ਕਾਰਨ ਅੱਜ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਅਤੇ ਹੋਰ ਪੁਲਸ ਅਧਿਕਾਰੀਆਂ ਦੀ ਅਗਵਾਈ ਵਿਚ 143 ਮੁਲਾਜ਼ਮਾਂ ਨੂੰ 10 ਟੀਮਾਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਪੁਲਸ ਨੇ ਇਕੋ ਵੇਲੇ ਪੂਰੇ ਇਲਾਕੇ ਨੂੰ ਸੀਲ ਕਰ ਕੇ ਸਰਚ ਮੁਹਿੰਮ ਚਲਾਈ ਅਤੇ ਕਈ ਸ਼ੱਕੀ ਘਰਾਂ ਦੀ ਤਲਾਸ਼ੀ ਲਈ।