ਨਵੀਂ ਦਿੱਲੀ – ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੂੰ ‘ਆਪ’ ਨੇਤਾ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਦੇ ਅਸਤੀਫ਼ੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤੇ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਰੋਸੇਮੰਦ ਸਹਿਯੋਗੀ ਸਿਸੋਦੀਆ ਅਤੇ ਜੈਨ ਨੇ ਮੰਗਲਵਾਰ ਨੂੰ ਮੰਤਰੀਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਧਿਕਾਰੀਆਂ ਅਨੁਸਾਰ, ਕੇਜਰੀਵਾਲ ਨੇ ਦੋਹਾਂ ਨੇਤਾਵਾਂ ਦੇ ਅਸਤੀਫ਼ੇ ਸਵੀਕਾਰ ਕਰ ਲਏ ਸਨ।
ਰਾਜ ਨਿਵਾਸ ਦੇ ਇਕ ਅਧਿਕਾਰੀ ਨੇ ਕਿਹਾ,”ਉੱਪ ਰਾਜਪਾਲ ਨੇ ਮੰਤਰੀਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਅਸਤੀਫ਼ੇ ਸਵੀਕਾਰ ਕਰਨ ਦੀ ਮੁੱਖ ਮੰਤਰੀ ਦੀ ਅਪੀਲ ‘ਤੇ 28 ਫਰਵਰੀ ਨੂੰ ਰਾਸ਼ਟਰਪਤੀ ਤੋਂ ਸਿਫ਼ਾਰਿਸ਼ ਕੀਤੀ ਹੈ ਕਿ ਅਸਤੀਫ਼ੇ ਸਵੀਕਾਰ ਕੀਤੇ ਜਾ ਸਕਦੇ ਹਨ।” ਮਨੀ ਲਾਂਡਰਿੰਗ ਦੇ ਇਕ ਮਾਮਲੇ ‘ਚ ਪਿਛਲੇ ਸਾਲ ਮਈ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਸੀ। ਅਗਸਤ 2022 ‘ਚ ਆਬਕਾਰੀ ਨੀਤੀ ਘਪਲੇ ‘ਚ ਨਾਮ ਆਉਣ ਤੋਂ ਬਾਅਦ ਸਿਸੋਦੀਆ ਨੂੰ ਵੀ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ। ਰੱਦ ਕੀਤੀ ਜਾ ਚੁੱਕੀ ਆਬਕਾਰੀ ਨੀਤੀ ਬਣਾਉਣ ਅਤੇ ਉਸ ਨੂੰ ਲਾਗੂ ਕਰਨ ‘ਚ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਐਤਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।